Friday, February 23, 2024
spot_img

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥

Must read

ਧਨਾਸਰੀ ਮਹਲਾ ੫ ॥

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਪਦਅਰਥ: ਮੋਹਿ = ਮੈਨੂੰ। ਮਸਕੀਨ = ਆਜਿਜ਼, ਨਿਮਾਣਾ। ਮੋਹਿ ਮਸਕੀਨ = ਮੈਨੂੰ ਨਿਮਾਣੇ ਨੂੰ। ਅਧਾਰੁ = ਆਸਰਾ। ਖਾਟਣ ਕਉ = ਖੱਟਣ ਵਾਸਤੇ। ਰੋਜਗਾਰੁ = ਰੋਜ਼ੀ ਕਮਾਣ ਲਈ ਕੰਮ। ਸੰਚਣ ਕਉ = ਜਮ੍ਹਾਂ ਕਰਨ ਲਈ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਤਾ ਕੈ ਕਾਮ = ਉਸ ਮਨੁੱਖ ਦੇ ਕੰਮ।।੧। ਨਾਮਿ = ਨਾਮ ਵਚ। ਰਤੇ = ਰੰਗੇ ਹੋਏ। ਰੰਗਿ = ਪ੍ਰੇਮ = ਰੰਗ ਵਿਚ। ਅਪਾਰ = ਬੇਅੰਤ। ਸਾਧ = ਸੰਤ ਜਨ। ਗਵਹਿ = ਗਾਂਦੇ ਹਨ।ਰਹਾਉ। ਅਤਿ ਮਸਕੀਨੀ = ਬਹੁਤ ਨਿਮ੍ਰਤਾ। ਚੀਨੀ = ਪਛਾਣੀ। ਜਸੁ = ਸਿਫ਼ਤਿ-ਸਾਲਾਹ। ਸੰਤਨ ਕੈ = ਸੰਤਾਂ ਦੇ ਹਿਰਦੇ ਵਿਚ। ਚਿੰਦ = ਚਿੰਤਾ।੨। ਜਹ = ਜਿੱਥੇ। ਇਕਤ੍ਰ = ਇਕੱਠੇ। ਨਾਦ = ਸਾਜ (ਵਜਾ ਕੇ) । ਕਵਿਤ = ਕਵਿਤਾ (ਪੜ੍ਹ ਕੇ) । ਬਿਸ੍ਰਾਮ = ਸ਼ਾਂਤੀ। ਉਨ ਸੰਗੁ = ਉਹਨਾਂ ਦੀ ਸੰਗਤਿ। ਮਸਤਕਿ = ਮੱਥੇ ਉਤੇ। ਕਰਾਮ = ਕਰਮ, ਬਖ਼ਸ਼ਸ਼।੩। ਦੁਇ ਕਰ = ਦੋਵੇਂ ਹੱਥ {ਬਹੁ-ਵਚਨ}। ਕਰੀ = ਕਰੀਂ, ਮੈਂ ਕਰਦਾ ਹਾਂ। ਪਖਾਰਿ = ਧੋ ਕੇ। ਗੁਣਤਾਸ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਜੀਵੈ = ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਧੂਰਿ = ਚਰਨ = ਧੂੜ।੪।

ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article