ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਲੋਕਾਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਵਿਅਕਤੀਆਂ ਵਿੱਚ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਕਰਤਾਰ ਸਿੰਘ, ਤਲਬੀਰ ਸਿੰਘ ਗਿੱਲ ਅਤੇ ਬੁੱਧ ਰਾਮ ਦੇ ਨਾਂ ਸ਼ਾਮਲ ਹਨ। ਇਨ੍ਹਾਂ ਲੋਕਾਂ ਨੂੰ 2 ਫਰਵਰੀ ਨੂੰ ਬਿਆਨ ਦੇਣ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ SIT ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ। ਮਜੀਠੀਆ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਵੀ ਤਲਬ ਕੀਤਾ ਗਿਆ।
ਮਜੀਠੀਆ ਮਾਮਲੇ ‘ਚ ਪੁਲਿਸ ਵੱਲੋਂ ਨਵੀਂ SIT ਦਾ ਗਠਨ ਕੀਤਾ ਗਿਆ ਹੈ। ਹੁਣ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ।
ਇਸ ਮਾਮਲੇ ‘ਚ ਮਜੀਠੀਆ ਨੂੰ 15 ਜਨਵਰੀ ਨੂੰ ਬੁਲਾਇਆ ਗਿਆ ਸੀ, ਐਸਆਈਟੀ ਨੇ ਉਨ੍ਹਾਂ ਤੋਂ ਸੱਤ ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਹਾਲਾਂਕਿ ਮਜੀਠੀਆ ਇਸ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਹਨ। ਉਸ ਦਾ ਸਪੱਸ਼ਟ ਕਹਿਣਾ ਹੈ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ।