ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਤਾਇਨਾਤ
ਲੁਧਿਆਣਾ 16 ਜੂਨ: ਅੱਜ ਭਾਰਤੀ ਕਿਸਾਨ ਯੂਨੀਅਨ ਦੀਆਂ ਕਈ ਜਥੇਬੰਦੀਆਂ ਨੇ ਟੋਲ ਦਰਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਦੀਆਂ ਕਈ ਜਥੇਬੰਦੀਆਂ ਨੇ ਟੋਲ ਪਲਾਜ਼ਾ ਦੇ ਵਧੇ ਰੇਟਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਮੁਫਤ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੜਕਾਂ ਦੀ ਹਾਲਤ ਖਸਤਾ ਹੈ। ਪਰ ਇਸ ਦੇ ਬਾਵਜੂਦ ਇਸ ਟੋਲ ਟੈਕਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਇਸ ਕਾਰਨ ਕੁਝ ਜਥੇਬੰਦੀਆਂ ਨੇ ਅੱਜ ਇਸ ਨੂੰ ਮੁਫਤ ਕਰਨ ਦਾ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਅੱਜ ਸਵੇਰ ਤੋਂ ਹੀ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ 'ਤੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ, ਕਰੀਬ 11 ਵਜੇ ਜਥੇਬੰਦੀਆਂ ਵੱਲੋਂ ਬੂਮ ਬੈਰੀਅਰ ਹਟਾ ਕੇ ਵਾਹਨਾਂ ਨੂੰ ਬਿਨਾਂ ਟੋਲ ਦੇ ਲੰਘਣ ਦਿੱਤਾ ਜਾਵੇਗਾ। ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਟੋਲ ਪਲਾਜ਼ਾ 'ਤੇ ਵੱਡੀ ਗਿਣਤੀ 'ਚ ਪੁਲਸ ਬਲ ਵੀ ਤਾਇਨਾਤ ਕੀਤਾ ਗਿਆ ਹੈ।