ਲੁਧਿਆਣਾ, 21 ਜੁਲਾਈ: ਲੁਧਿਆਣਾ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ਹਿਰ ਵਿੱਚ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਪੁਲਿਸ ਦੀਆਂ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਹੈ। ਜਿਸ ‘ਤੇ ਬਣਾਈਆਂ ਗਈਆਂ ਪੁਲਿਸ ਟੀਮਾਂ ਵਲੋਂ ਸ਼ਹਿਰ ਵਿੱਚ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਇਸੇ ਲੜੀ ਦੇ ਤਹਿਤ ਪੁਲੀਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਅਨਿਕੇਤ ਤਲਵਾੜਾ ਵਾਸੀ ਅੰਬੇਡਕਰ ਨਗਰ, ਲੁਧਿਆਣਾ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਇੱਕ ਪਿਸਤੌਲ ਅਤੇ ਹਜ਼ਾਰਾਂ ਦੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਲੁੱਟ ਖੋਹ ਕੀਤਾ ਗਿਆ ਇੱਕ ਸਕੂਟਰ ਵੀ ਬਰਾਮਦ ਕੀਤਾ ਹੋਇਆ ਹੈ।
ਪੁਲੀਸ ਨੇ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਏਡੀਸੀਪੀ ਲੁਧਿਆਣਾ ਸ਼ੁਭਮ ਅਗਰਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲੀਸ ਨੇ ਅਨਿਕੇਤ ਤਲਵਾੜਾ ਕੋਲੋਂ 55 ਹਜ਼ਾਰ ਰੁਪਏ ਦੀ ਡਰੱਗ ਮਨੀ ਦੇ ਨਾਲ-ਨਾਲ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਬਰਾਮਦ ਕੀਤੇ ਪਿਸਤੌਲ ਨਾਲ ਹੀ ਮੁਲਜ਼ਮ ਵਾਰਦਾਤ ਸਮੇਂ ਲੋਕਾਂ ਨੂੰ ਡਰਾ ਧਮਕਾ ਕੇ ਲੁੱਟ-ਖੋਹ ਕਰਦੇ ਸਨ। ਇਸ ਤੋਂ ਇਲਾਵਾ ਪੁਲਿਸ ਨੇ ਇੱਕ ਚੋਰੀਸ਼ੁਦਾ ਸਕੂਟਰ ਅਤੇ ਹੈਰੋਇਨ ਵੀ ਬਰਾਮਦ ਕੀਤੀ ਹੈ। ਏਡੀਸੀਪੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਤਿੰਨ ਕੇਸ ਦਰਜ ਹਨ।