ਚੰਡੀਗੜ੍ਹ, 28 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਰੱਖਣ ਦੇ ਉਦੇਸ਼ ਨਾਲ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮੁੱਖ ਮੰਤਰੀ ਪੰਜਾਬ ਨੇ ਚੰਡੀਗੜ੍ਹ ਵਿਖੇ ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਤਾਰਪੀਡੋ ਕਰਨ ਲਈ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੀ ਗਰਾਂਟ ਜਾਰੀ ਨਹੀਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਦਮ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।