ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥
(ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।੧।