ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਰਾਜ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ ਤੇ ਚੋਣਾਂ ਨੂੰ ਲੈਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ। ਇਹ ਜ਼ਿਮਨੀ ਚੋਣ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਲਈ ਅਹਿਮ ਮੰਨੀਆਂ ਜਾ ਰਹੀ ਹਨ।ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ 92, ਕਾਂਗਰਸ 18, ਸ਼੍ਰੋਮਣੀ ਅਕਾਲੀ ਦਲ 3, ਭਾਜਪਾ 2 ਅਤੇ ਇੱਕ ਆਜ਼ਾਦ ਉਮੀਦਵਾਰ ਜੇਤੂ ਰਿਹਾ। ਹਾਲਾਂਕਿ ਹੁਣ ਅਕਾਲੀ ਦਲ ਦੇ ਸਿਰਫ਼ 2 ਵਿਧਾਇਕ ਹੀ ਰਹਿ ਗਏ ਹਨ, ਕਿਉਂਕਿ ਬੰਗਾ ਤੋਂ ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ‘ਆਪ’ ਆਗੂ ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ, ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ ਸੰਸਦ ਮੈਂਬਰ ਬਣੇ ਹਨ। ਇਨ੍ਹਾਂ ਚਾਰਾਂ ਸੀਟਾਂ ਦੇ ਵਿਧਾਇਕ ਹੁਣ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ। ਨਾਲ ਹੀ, ਸਾਰਿਆਂ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਵਿਧਾਨ ਸਭਾ ਸਪੀਕਰ ਨੇ ਵੀ ਸਵੀਕਾਰ ਕਰ ਲਿਆ ਹੈ।ਇਨ੍ਹਾਂ ਚਾਰਾਂ ਸੀਟਾਂ ‘ਤੇ ਕਿਸੇ ਵੀ ਸਮੇਂ ਚੋਣਾਂ ਹੋ ਸਕਦੀਆਂ ਹਨ। ਅਜਿਹੇ ‘ਚ ਕੋਈ ਵੀ ਪਾਰਟੀ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ।
ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨਾਲ-ਨਾਲ ਕਾਂਗਰਸ ਪਾਰਟੀ ਨੇ ਵੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਵੀ ਉਪ ਚੋਣਾਂ ਦੀ ਤਿਆਰੀ ਕਰ ਰਹੀ ਹੈ। ਸੀਐਮ ਭਗਵੰਤ ਮਾਨ ਖੁਦ ਚਾਰੇ ਸਰਕਲਾਂ ਦਾ ਦੌਰਾ ਕਰ ਚੁੱਕੇ ਹਨ। ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਹੈ।ਇਹ ਚੋਣ ਕਾਂਗਰਸ ਲਈ ਵੀ ਬਹੁਤ ਅਹਿਮ ਹੈ। ਕਿਉਂਕਿ ਪਹਿਲਾਂ ਇਨ੍ਹਾਂ 4 ਸੀਟਾਂ ‘ਚੋਂ 3 ‘ਤੇ ਕਾਂਗਰਸ ਦੇ ਵਿਧਾਇਕ ਸਨ।
ਅਕਾਲੀ ਦਲ ਵੀ ਇਨ੍ਹਾਂ ਚੋਣਾਂ ਨੂੰ ਲੈ ਕੇ ਗੰਭੀਰ ਹੈ, ਕਿਉਂਕਿ ਗਿੱਦੜਬਾਹਾ ਸੀਟ ਅਕਾਲੀ ਦਲ ਦੀ ਪੁਰਾਣੀ ਸੀਟ ਹੈ। ਇਸ ‘ਚ ਸਿਰਫ ਕਾਂਗਰਸ 5 ਵਾਰ ਜਿੱਤ ਸਕੀ ਹੈ। ਇਸ ਤੋਂ ਇਲਾਵਾ ਇੱਥੋਂ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਹੈ। ਇਸ ਸੀਟ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਲੜਨ ਦੀ ਚਰਚਾ ਹੈ।
ਭਾਜਪਾ ਵੀ ਇਨ੍ਹਾਂ ਸੀਟਾਂ ‘ਤੇ ਚੋਣਾਂ ਦੀ ਤਿਆਰੀ ਕਰ ਰਹੀ ਹੈ। ਪਾਰਟੀ ਮੈਂਬਰਸ਼ਿਪ ਮੁਹਿੰਮ ਦੇ ਬਹਾਨੇ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਆਪਣਾ ਆਧਾਰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਸਾਰੇ ਵੱਡੇ ਆਗੂ ਜ਼ਿਲ੍ਹਿਆਂ ਵਿੱਚ ਜਾ ਕੇ ਮੀਟਿੰਗਾਂ ਕਰ ਰਹੇ ਹਨ। ਪਾਰਟੀ ਪ੍ਰਧਾਨ ਸੁਨੀਲ ਜਾਖੜ ਵੀ ਸਰਗਰਮ ਹਨ। ਜਿੱਥੋਂ ਤੱਕ ਉਨ੍ਹਾਂ ਹਲਕਿਆਂ ਦੀ ਗੱਲ ਹੈ ਜਿਨ੍ਹਾਂ ਵਿੱਚ ਚੋਣਾਂ ਹੋਣੀਆਂ ਹਨ। ਉੱਥੇ ਭਾਜਪਾ ਦਾ ਮਜ਼ਬੂਤ ਆਧਾਰ ਹੈ। ਇਸ ਤੋਂ ਇਲਾਵਾ ਕਈ ਵੱਡੇ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ।