ਕਾਂਗਰਸ ਨੇਤਾ ਭੂਪੇਂਦਰ ਸਿੰਘ ਹੁੱਡਾ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਸੱਤਾ ‘ਚ ਆਉਂਦੀ ਹੈ ਤਾਂ ਕਿਸਾਨਾਂ ਲਈ ਸ਼ੰਭੂ ਬਾਰਡਰ ਖੋਲ੍ਹ ਦੇਵੇਗੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਕਿਸਾਨਾਂ ਵੱਲੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ‘ਤੇ ਦਬਾਅ ਬਣਾਉਣ ਲਈ ਦਿੱਲੀ ਚੱਲੋ ਮਾਰਚ ਦੀ ਅਗਵਾਈ ਕਰ ਰਹੇ ਹਨ। ਉਹ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਹੋਏ ਹਨ, ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਦੇ ਮਾਰਚ ਨੂੰ ਰੋਕ ਦਿੱਤਾ ਸੀ।
ਚੋਣ ਰੈਲੀ ਵਿਚ ਹੁੱਡਾ ਨੇ ਕਿਹਾ ਇਸ ਤਾਨਾਸ਼ਾਹੀ ਸਰਕਾਰ ਨੇ ਪਹਿਲਾਂ 3 ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਜਦੋਂ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ‘ਤੇ ਲਾਠੀਆਂ ਅਤੇ ਗੋਲੀਆਂ ਚਲਾ ਦਿੱਤੀਆਂ। ਸੜਕਾਂ ਪੁੱਟੀਆਂ ਗਈਆਂ, ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕ ਦਿੱਤਾ। ਇਸ ਕਾਰਨ ਵਪਾਰੀਆਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਨੇ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣਨ ‘ਤੇ ਸ਼ੰਭੂ ਸਰਹੱਦ ਖੋਲ੍ਹ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਕਿਸਾਨਾਂ ਦੀ ਮੰਗ ਲਈ ਲੜ ਰਹੇ ਹਨ। ਕਾਂਗਰਸ ਹਰਿਆਣਾ ਇਕਾਈ ਦੇ ਪ੍ਰਧਾਨ ਚੌਧਰੀ ਉਦੈਭਾਨ ਅਤੇ ਅੰਬਾਲਾ ਤੋਂ ਸੰਸਦ ਮੈਂਬਰ ਵਰੁਣ ਚੌਧਰੀ ਨੇ ਵੀ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ। ਦੱਸ ਦੇਈਏ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ ਜਦਕਿ ਨਤੀਜੇ 8 ਅਕਤੂਬਰ ਨੂੰ ਆਉਣਗੇ। ਕਾਂਗਰਸ ਇਸ ਵਾਰ ਸੱਤਾ ਵਿੱਚ ਆਉਣ ਦੀ ਉਮੀਦ ਕਰ ਰਹੀ ਹੈ ਜਦਕਿ ਭਾਜਪਾ ਲਗਾਤਾਰ ਤੀਜੀ ਵਾਰ ਸੂਬੇ ਵਿੱਚ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।