ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਲਈ ਮੁਆਫ਼ੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ ਬਿਆਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਜਥੇਦਾਰ ਤੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਨੇ ਤਾਂ ਸਿਰਫ਼ ਆਪਣੇ ਮਨ ਦੀ ਗੱਲ ਕਹੀ ਸੀ ਪਰ ਜੇਕਰ ਇਸ ਨਾਲ ਜਥੇਦਾਰ ਸਾਹਿਬ ਦੇ ਅਕਸ ਨੂੰ ਕਿਸੇ ਵੀ ਤਰ੍ਹਾਂ ਨਾਲ ਠੇਸ ਪਹੁੰਚੀ ਹੈ ਤਾਂ ਉਹ ਸਿਰ ਝੁਕਾ ਕੇ ਮੁਆਫ਼ੀ ਮੰਗਦੇ ਹਨ।
ਰਾਜਾ ਵੜਿੰਗ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੇ ਗਏ ਮੁਆਫੀ ਪੱਤਰ ਵਿੱਚ ਰਾਜਾ ਵੜਿੰਗ ਨੇ ਲਿਖਿਆ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰ ਯੋਗ ਹਨ। ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇੱਕ ਨਿਮਾਣੇ ਸਿੱਖ ਵਜੋਂ ਹਮੇਸ਼ਾ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਮੰਨਦਾ ਰਹਾਂਗਾ। ਆਪ ਜੀ ਜਿਸ ਅਸਥਾਨ ਤੇ ਬਿਰਾਜਮਾਨ ਹੋ ਮੈਂ ਉਸ ਬਾਰੇ ਕਦੇ ਵੀ ਕੋਈ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਸਿੱਖ ਮਰਿਆਦਾ ਵਿੱਚ ਰਹਿਣ ਵਾਲਾ ਸਿੱਖ ਹਾਂ ਤੇ ਮੇਰੇ ਵਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਟਿੱਪਣੀਆਂ ਕਿਸੇ ਹੋਰ ਸਿਆਸੀ ਪਾਰਟੀ ਸੰਬੰਧੀ ਸਨ। ਫਿਰ ਵੀ ਜੇਕਰ ਅਣਜਾਣੇ ਵਿੱਚ ਮੈਥੋਂ ਜੇ ਇਸ ਮਹਾਨ ਸੰਸਥਾ ਦੀ ਸ਼ਾਨ ਵਿੱਚ ਤੇ ਅਜ਼ਮਤ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ। ਮੈਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਜੀ ਪਾਸੋਂ ਮੁਆਫੀ ਦਾ ਤਲਬਗਾਰ ਹਾਂ। ਮੈਂ ਸਮਝਦਾ ਹਾਂ ਕਿ ਮਨੁੱਖ ਭੂਲਨਹਾਰ ਤੇ ਗੁਰੂ ਬਖਸ਼ਿੰਦ ਹੈ, ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿੱਚ ਹੋਈ ਮੇਰੀ ਉਪਰੋਕਤ ਖ਼ੁਨਾਮੀ ਨੂੰ ਬਖਸ਼ ਦਿੱਤਾ ਜਾਵੇ। ਆਪ ਜੀ ਦਾ ਹੁਕਮ ਸਿਰ ਮੱਥੇ।