ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਇਹ ਮੁੱਦਾ ਰਾਸ਼ਟਰਪਤੀ ਅੱਗੇ ਰੱਖਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਫਾਂਸੀ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਰਾਸ਼ਟਰਪਤੀ ਅੱਗੇ ਰੱਖਣ ਦੇ ਹੁਕਮ ਦਿੱਤੇ ਹਨ। ਇਸ ‘ਤੇ ਦੋ ਹਫ਼ਤਿਆਂ ਦੇ ਅੰਦਰ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਹੈ। ਹੁਣ ਇਸ ਮਾਮਲੇ ਦਾ ਫੈਸਲਾ 5 ਦਸੰਬਰ ਨੂੰ ਆ ਸਕਦਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਦੋ ਹਫਤੇ ਪਹਿਲਾਂ ਹੋਈ ਸੀ। ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਸੀ ਕਿ ਉਹ ਮਾਮਲੇ ਦੀ ਸੁਣਵਾਈ ਤੋਂ ਬਾਅਦ ਹੀ ਰਾਹਤ ‘ਤੇ ਵਿਚਾਰ ਕਰਨਗੇ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਅੱਜ ਯਾਨੀ 18 ਨਵੰਬਰ ਨੂੰ ਹੋਈ ਇਸ ਸੁਣਵਾਈ ‘ਚ ਸੁਪਰੀਮ ਕੋਰਟ ਨੇ ਇਸ ਮੁੱਦੇ ‘ਤੇ ਫੈਸਲਾ ਸੁਣਾਇਆ ਹੈ। ਪਿਛਲੀ ਸੁਣਵਾਈ ਤੋਂ ਲੈ ਕੇ ਅੱਜ ਦੀ ਸੁਣਵਾਈ ਤੱਕ ਕੇਂਦਰ ਸਰਕਾਰ ਵੱਲੋਂ ਜਵਾਬ ਦਾਖ਼ਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਰਾਜੋਆਣਾ ਪਟੀਸ਼ਨ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰ ਰਹੇ ਹਨ। ਪਟੀਸ਼ਨ ‘ਚ ਦਲੀਲ ਦਿੱਤੀ ਗਈ ਸੀ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ।