ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡਾ ਫੈਸਲਾ ਲਿਆ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਦੇਸ਼ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ਖਿਲਾਫ ਫੌਜੀ ਬਲਾਂ ਦੀ ਵਰਤੋਂ ਕਰ ਸਕਦਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਅਮਰੀਕਾ ਵਿੱਚ ਨੈਸ਼ਨਲ ਐਮਰਜੈਂਸੀ ਦਾ ਐਲਾਨ ਕੀਤਾ ਜਾਵੇਗਾ।
ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਗੈਰ ਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਲਈ ਨੈਸ਼ਨਲ ਐਮਰਜੈਂਸੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ Mass ਡਿਰਪੋਰਟੇਸ਼ਨ ਕਰਨ ਲਈ ਫੌਜ ਨੂੰ ਕਮਾਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣਾ ਸਭ ਤੋਂ ਪਹਿਲਾਂ ਕੰਮ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਕ੍ਰਿਮੀਨਲ ਰਿਕਾਰਡ ਵਾਲਿਆਂ ਨੂੰ ਪਹਿਲਾਂ ਕੱਢਿਆ ਜਾਵੇਗਾ। ਇਸਦਾ ਦਾ ਸਿੱਧਾ ਅਸਰ ਪੰਜਾਬੀਆਂ ਅਤੇ ਭਾਰਤੀਆਂ ਤੇ ਪਵੇਗਾ। ਕਿਉਂਕਿ ਮੈਕਸਿਕੋ ਬਾਰਡਰ ਦੇ ਜ਼ਰੀਏ ਡੌਂਕੀ ਲਾ ਕੇ ਗੈਰ ਕਾਨੂੰਨੀ ਤਰੀਕੇ ਨਾਲ ਵੱਡੀ ਗਿਣਤੀ ਵਿੱਚ ਲੋਕ ਹਰ ਸਾਲ ਅਮਰੀਕਾ ਜਾਂਦੇ ਹਨ। ਡੋਨਾਲਡ ਟਰੰਪ ਦੇ ਇਸ ਐਲਾਨ ਮਗਰੋਂ ਹੁਣ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾ ਬੈਠੇ ਲੋਕਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ।
ਦੱਸ ਦਈਏ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ‘ਚ ਦਾਖਲ ਹੋਣ ਤੋਂ ਰੋਕਣਾ ਟਰੰਪ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣਨ ਵਾਲੀ ਹੈ। ਅੰਕੜਿਆਂ ਮੁਤਾਬਕ ਅਮਰੀਕਾ ਵਿਚ ਹਰ ਚੌਥਾ ਪ੍ਰਵਾਸੀ ਗੈਰ-ਕਾਨੂੰਨੀ ਹੈ। ਯੂਐਸ ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਦੇਸ਼ ਵਿੱਚ 2020 ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।