ਸਿੱਖ ਕੌਮ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਦੁਨੀਆ ਦੇ ਪਹਿਲੇ ਸਾਬਤ-ਸੂਰਤ ਗੁਰਸਿੱਖ 53 ਸਾਲਾ ਮਲਕੀਤ ਸਿੰਘ ਨੇ ਨਿਊਜ਼ੀਲੈਂਡ ਵਿੱਚ ਰਹਿੰਦਿਆਂ ਸੰਸਾਰ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਉੱਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਇਆ ਹੈ। ਮਲਕੀਤ ਸਿੰਘ ਪੰਜਾਬ ਦੇ ਜਿਲ੍ਹਾ ਫਤਿਹਗੜ੍ਹ ਸਾਹਿਬ ਨਾਲ ਸਬੰਧ ਰੱਖਦੇ ਹਨ। ਮਲਕੀਤ 8,848.86 ਮੀਟਰ ਉੱਚੀ ਮਾਊਂਟ ਐਵਰੈਸਟ ਨੂੰ ਫ਼ਤਿਹ ਕਰਨ ’ਚ ਕਾਮਯਾਬ ਰਹੇ। ਉਨ੍ਹਾਂ ਨੇ ਪੂਰੀ ਦੁਨੀਆ ਵਿੱਚ ਨਾਮ ਰੋਸ਼ਨ ਕਰਕੇ ਇਤਿਹਾਸ ਰਚਿਆ ਹੈ।
ਮਲਕੀਤ ਸਿੰਘ ਪੰਜਾਬ ਪਬਲਿਕ ਸਕੂਲ ਨਾਭਾ ਦੇ ਵਿਦਿਆਰਥੀ ਰਹੇ ਹਨ। ਉਨ੍ਹਾਂ ਨੇ 1993 ’ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਖੇਤੀਬਾੜੀ ਵਿਗਿਆਨ ਵਿੱਚ ਬੀਐਸਸੀ ਆਨਰਜ਼ ਦੀ ਡਿਗਰੀ ਪ੍ਰਾਪਤ ਕੀਤੀ। ਮਲਕੀਤ ਸਿੰਘ ਦੀ ਇਸ ਪ੍ਰਾਪਤੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚੋਂ ਆਏ ਪ੍ਰਮੁੱਖ ਆਗੂਆਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।