ਮਰਨ ਵਰਤ ਸ਼ੁਰੂ ਕਰਨ ਤੋਂ ਇੱਕ ਦਿਨ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੀਆਂ ਸਾਰੀਆਂ ਜਾਇਦਾਦਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾ ਦਿੱਤੀਆਂ।13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਦੇ ਹਿੱਸੇ ਵਜੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ।
ਇਸ ਦੌਰਾਨ ਉਹ ਆਪਣੇ ਸਾਥੀਆਂ ਤੇ ਪਰਿਵਾਰਕ ਮੈਂਬਰਾਂ ਤੋਂ ਇਹ ਅਹਿਦ ਵੀ ਲੈਣਗੇ ਕਿ ਮਰਨ ਵਰਤ ਦੌਰਾਨ ਉਨ੍ਹਾਂ ਦੀ ਮੌਤ ਹੋਣ ਦੀ ਸਥਿਤੀ ’ਚ ਓਨਾ ਚਿਰ ਸਸਕਾਰ ਨਾ ਕੀਤਾ ਜਾਵੇ ਜਦੋਂ ਤੱਕ ਕਿਸਾਨੀ ਮੰਗਾਂ ਨਾ ਮੰਨੀਆਂ ਜਾਣ। ਕਿਸਾਨ ਲੀਡਰ ਦਾ ਕਹਿਣਾ ਹੈ ਕਿ ਉਹ ਇਹ ਪ੍ਰਣ ਕਰਕੇ ਹੀ ਮਰਨ ਵਰਤ ‘ਤੇ ਬੈਠਣਗੇ ਕਿ ਕਿਸਾਨ ਮੰਗਾਂ ਦੀ ਪੂਰਤੀ ਤੋਂ ਬਿਨਾਂ ਮਰਨ ਵਰਤ ਨਹੀਂ ਤੋੜਨਗੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਸ ਆ ਜਾਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾ ਦਿੱਤੀ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਰਸਮਾਂ ਪੂਰੀਆਂ ਕਰਨ ਲਈ ਮਰਨ ਵਰਤ ਨਹੀਂ ਰੱਖ ਰਹੇ ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ। ਭਲਕੇ ਦੁਪਹਿਰ 12 ਵਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ।