ਪੰਜਾਬ-ਚੰਡੀਗੜ੍ਹ ‘ਚ ਪਿਛਲੇ ਤਿੰਨ ਦਿਨਾਂ ‘ਚ ਤਾਪਮਾਨ ‘ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ‘ਚ ਇਹ ਬਦਲਾਅ ਪਿਛਲੇ ਕੁਝ ਦਿਨਾਂ ‘ਚ ਪਹਾੜੀ ਇਲਾਕਿਆਂ ‘ਚ ਹੋਈ ਬਰਫਬਾਰੀ ਤੋਂ ਬਾਅਦ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਸ਼ਾਮਲ ਹਨ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਇਲਾਵਾ ਐਤਵਾਰ ਤੱਕ ਪੰਜਾਬ ਵਿੱਚ ਧੁੰਦ ਛਾਈ ਰਹੇਗੀ।
ਪੰਜਾਬ ਵਿੱਚ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਦੋ ਦਿਨ ਤੱਕ ਰਹਿ ਸਕਦਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।