ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਨੇ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਦੇ ਤਿੰਨ ਦਿਨਾਂ ਰਿਮਾਂਡ ਵਿੱਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਚੌੜਾ ਨੂੰ 4 ਦਸੰਬਰ ਨੂੰ ਹੋਏ ਹਮਲੇ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਉਸ ਨੂੰ 3 ਦਿਨ ਦਾ ਰਿਮਾਂਡ ਦਿੱਤਾ ਗਿਆ, ਜੋ ਅੱਜ ਖਤਮ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਪਰ ਪੁਲਿਸ ਨੇ ਸਿਰਫ਼ ਤਿੰਨ ਦਿਨ ਦਾ ਰਿਮਾਂਡ ਦਿੱਤਾ ਹੈ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਚੌੜਾ ਨੇ ਮੰਨਿਆ ਹੈ ਕਿ ਉਸ ਨੇ ਲਖੀਮਪੁਰ ਖੀਰੀ ਵਿੱਚ ਕੁਝ ਹਥਿਆਰ ਰੱਖੇ ਹਨ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਸਿਰਫ਼ ਤਿੰਨ ਦਿਨ ਦਾ ਰਿਮਾਂਡ ਦਿੱਤਾ।
ਪੁਲਿਸ ਨੇ ਨਰਾਇਣ ਸਿੰਘ ਚੌੜਾ ਦੇ ਦੋ ਪੁੱਤਰਾਂ ਜਗਜੀਤ ਸਿੰਘ ਬਾਜਵਾ ਅਤੇ ਬਲਜਿੰਦਰ ਸਿੰਘ ਬਾਜਵਾ ਤੋਂ ਵੀ ਪੁੱਛਗਿੱਛ ਕੀਤੀ ਹੈ। ਕੱਲ੍ਹ ਉਨ੍ਹਾਂ ਦੇ ਦੋਵੇਂ ਪੁੱਤਰਾਂ ਤੋਂ ਵੀ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਨਰਾਇਣ ਸਿੰਘ ਚੌੜਾ ਦੇ ਦੋਵੇਂ ਪੁੱਤਰ ਪੇਸ਼ੇ ਤੋਂ ਵਕੀਲ ਹਨ ਅਤੇ ਦੋਵਾਂ ਵੱਲੋਂ ਨਰਾਇਣ ਸਿੰਘ ਚੌੜਾ ਦੇ ਹੱਕ ਵਿਚ ਅਰਜ਼ੀ ਵੀ ਦਾਇਰ ਕੀਤੀ ਗਈ ਸੀ।
ਨਰਾਇਣ ਸਿੰਘ ਚੌੜਾ ਨੇ ਬੀਤੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾ ਦਿੱਤੀ ਸੀ। ਸੁਖਬੀਰ ਬਾਦਲ ਹਰਿਮੰਦਰ ਸਾਹਿਬ ਦੇ ਗੇਟ ‘ਤੇ ਸੇਵਾਦਾਰ ਬਣ ਕੇ ਬੈਠੇ ਸਨ।