ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਵਿਖੇ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਸ਼ਹਿਰ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਲਈ ਸਾਰੇ ਧਰਮਾਂ ਦੇ ਲੋਕਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਅਤੇ ਇਸ ਦੀ ਜਵਾਨੀ ਨੂੰ ਬਚਾਇਆ ਜਾ ਸਕੇ।
ਪੀਏਯੂ ਲੁਧਿਆਣਾ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਸ਼ਹਿਰ ਦੇ ਧਾਰਮਿਕ, ਸਮਾਜ ਸੇਵੀ, ਵਿੱਦਿਅਕ ਅਤੇ ਹੋਰ ਧਰਮਾਂ ਨਾਲ ਜੁੜੇ ਲੋਕਾਂ ਨਾਲ ਮੀਟਿੰਗ ਕੀਤੀ। ਰਾਜਪਾਲ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਜੰਗ ਵਿੱਚ ਸਾਥ ਦੇਈਏ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਸਾਰਿਆਂ ਨੂੰ ਜਾਗਰੂਕਤਾ ਮੁਹਿੰਮ ਵਿੱਚ ਸਾਥ ਦੇਣਾ ਚਾਹੀਦਾ ਹੈ। ਸਾਰਿਆਂ ਨੂੰ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨੀ ਪਵੇਗੀ। ਤਾਂ ਜੋ ਪੰਜਾਬ ਦੀ ਆਨ ਤੇ ਸ਼ਾਨ ਬਹਾਲ ਹੋ ਸਕੇ। ਰਾਜਪਾਲ ਕਟਾਰੀਆ ਨੇ ਕਿਹਾ ਕਿ ਜਨਵਰੀ 2025 ਤੱਕ ਹਰ ਘਰ ਵਿੱਚ ਨਸ਼ਿਆਂ ਵਿਰੁੱਧ ਸੰਦੇਸ਼ ਪਹੁੰਚਾਉਣ ਲਈ ਸਾਨੂੰ 10 ਦਿਨਾਂ ਲਈ ਵਿਸ਼ੇਸ਼ ਮੁਹਿੰਮ ਚਲਾਉਣੀ ਪਵੇਗੀ।