ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ।
ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਸਰਬੰਸਦਾਨੀ, ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਸ਼ਹੀਦੀ ਜੋੜ ਮੇਲ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ।
ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ ਦੇ ਦਰਸ਼ਨ ਕੀਤੇ। ਛੋਟੇ ਸਾਹਿਬਜ਼ਾਦਿਆਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਲਾਸਾਨੀ ਸ਼ਹਾਦਤ ਲਈ ਉਹਨਾਂ ਦਾ ਨਾਮ ਹਮੇਸ਼ਾ ਅਮਰ ਰਹੇਗਾ।