ਰਾਮਪੁਰਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਸਾਬਕਾ ਆਈ.ਏ.ਐੱਸ ਪਰਮਪਾਲ ਕੌਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਬਕਾ IAS ਪਰਮਪਾਲ ਕੌਰ ਨੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਦੇ ਚੰਡੀਗੜ੍ਹ ਬੈਂਚ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਕਿ ਉਸ ਨੂੰ ਇਸ ਸਾਲ 9 ਮਈ ਨੂੰ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਉਸ ਨੂੰ ਸਵੈ-ਇੱਛਤ ਸੇਵਾਮੁਕਤੀ ਮੰਨਿਆ ਜਾਵੇ ਅਤੇ ਇਸ ਸਾਲ 10 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਸਾਰੇ ਲਾਭ ਪ੍ਰਦਾਨ ਕੀਤੇ ਜਾਣ।
ਦੱਸ ਦਈਏ ਕਿ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੇ ਪਰਮਪਾਲ ਕੌਰ ਨੇ ਐਡਵੋਕੇਟ ਜੀਐਸ ਪਟਵਾਲੀਆ ਰਾਹੀਂ ਦਾਇਰ ਅਰਜ਼ੀ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਦੇ ਦਬਾਅ ਹੇਠ ਅਸਤੀਫ਼ਾ ਪੱਤਰ ਸੌਂਪਿਆ ਗਿਆ ਸੀ ਕਿਉਂਕਿ ਸਰਕਾਰ ਉਸ ਨੂੰ ਬਕਾਇਆ ਸਰਟੀਫਿਕੇਟ/ਐਨਓਸੀ ਦੇਣ ਤੋਂ ਇਨਕਾਰ ਕਰ ਰਹੀ ਸੀ।
ਦਰਅਸਲ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ, ਕਿਉਂਕਿ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਦੱਸ ਦਈਏ ਕਿ ਪਰਮਪਾਲ ਕੌਰ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋਈ ਸੀ, ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਕੀਤਾ ਸੀ ਕਿ ਉਨ੍ਹਾਂ ਦਾ ਅਸਤੀਫਾ ਅਜੇ ਸਵੀਕਾਰ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਅਸਤੀਫਾ ਕਦੋਂ ਅਤੇ ਕਿਵੇਂ ਪ੍ਰਵਾਨ ਕਰਨਾ ਹੈ, ਇਹ ਫੈਸਲਾ ਕਰਨਾ ਮੁੱਖ ਮੰਤਰੀ ਦਾ ਅਧਿਕਾਰ ਹੈ ਅਤੇ ਕੁਝ ਕਾਨੂੰਨੀ ਫਰਜ਼ ਵੀ ਹਨ। ਇਸ ਦੇ ਲਈ ਕੁਝ ਨਿਯਮ-ਕਾਨੂੰਨ ਹਨ, ਜਿਨ੍ਹਾਂ ਦੀ ਪਾਲਣਾ ਹਰ ਹਾਲਤ ਵਿਚ ਕਰਨੀ ਪੈਂਦੀ ਹੈ।