ਲਗਭਗ ਇੱਕ ਸਾਲ ਤੋਂ ਹਰਿਆਣਾ-ਪੰਜਾਬ ਸਰਹੱਦ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਗੱਲ ਬਣਦੀ ਨਜ਼ਰ ਆ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 55ਵਾਂ ਦਿਨ ਹੈ ਯਾਨੀ ਡੱਲੇਵਾਲ ਪਿਛਲੇ ਸਾਲ 26 ਨਵੰਬਰ ਤੋਂ ਮਰਨ ਵਰਤ ‘ਤੇ ਹਨ। ਬੀਤੇ ਕੱਲ੍ਹ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਟੀਮ ਖਨੌਰੀ ਬਾਰਡਰ ‘ਤੇ ਪਹੁੰਚੀ। ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿੱਤਾ ਹੈ। ਕੇਂਦਰ ਦੇ ਗੱਲਬਾਤ ਦੇ ਸੱਦੇ ਤੋਂ ਬਾਅਦ ਜਗਜੀਤ ਡੱਲੇਵਾਲ ਨੇ ਮੈਡੀਕਲ ਸਹੂਲਤ ਲੈਣੀ ਸ਼ੁਰੂ ਕਰ ਦਿੱਤੀ ਹੈ। ਅੱਧੀ ਰਾਤ ਦੇ ਕਰੀਬ ਉਹ ਡਾਕਟਰੀ ਸਹਾਇਤਾ ਸਵੀਕਾਰ ਕਰਨ ਲਈ ਸਹਿਮਤ ਹੋ ਗਏ ਹਨ ਅਤੇ ਉਸਨੂੰ ਡ੍ਰਿੱਪ ਲਗਾਈ ਗਈ। ਕੇਂਦਰ ਦੇ ਸੱਦੇ ਵਿਚ ਲਿਖਿਆ ਗਿਆ ਕਿ ਭਾਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 14 ਫ਼ਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ ਸੈਕਟਰ-26, ਚੰਡੀਗੜ੍ਹ ‘ਚ ਹੋਵੇਗੀ।