ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵ੍ਹਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਕੀਤੀ। ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗਲੇ ਲਗਾ ਕੇ ਸਵਾਗਤ ਕੀਤਾ ਤੇ ਕਿਹਾ ਕਿ ਤੁਸੀਂ ਮੇਰੇ ਸਭ ਤੋਂ ਚੰਗੇ ਦੋਸਤਾਂ ਵਿਚੋਂ ਇਕ ਹੋ। ਦੋਵੇਂ ਨੇਤਾਵਾਂ ਨੇ ਮੀਡੀਆ ਨੂੰ ਬਿਆਨ ਦਿੱਤਾ ਤੇ ਮਹੱਤਵਪੂਰਨ ਗੱਲਬਾਤ ਕਰਨ ਲਈ ਤਿਆਰ ਹੋਣ ਤੋਂ ਪਹਿਲਾਂ ਕਈ ਸਵਾਲਾਂ ਦੇ ਜਵਾਬ ਦਿੱਤੇ। ਟਰੰਪ ਨੇ ਕਿਹਾ ਕਿ ਅਸੀਂ ਭਾਰਤ ਨਾਲ ਕੰਮ ਕਰਨ ਜਾ ਰਹੇ ਹਾਂ।
ਟਰੰਪ ਨੇ ਬੀਤੀ ਦੇਰ ਰਾਤ ਟੈਰਿਫ ਪਾਲਿਸੀ ‘ਤੇ ਦਸਤਖਤ ਕੀਤੇ। ਉੁਨ੍ਹਾਂ ਨੇ ਭਾਰਤ ਸਣੇ ਸਾਰੇ ਦੇਸ਼ਾਂ ‘ਤੇ ਰੈਸੀਪ੍ਰੋਕਲ ਟੈਰਿਫ ਲਗਾਉਣ ਦਾ ਐਲਾਨ ਕੀਤਾ। ਰੈਸੀਪ੍ਰੋਕਲ ਟੈਰਿਫ ਯਾਨੀ ਜੋ ਦੇਸ਼ ਅਮਰੀਕੀ ਸਾਮਾਨ ‘ਤੇ ਜਿੰਨਾ ਟੈਰਿਫ ਲਗਾਏਗਾ, ਅਮਰੀਕਾ ਵੀ ਉਸ ਦੇਸ਼ ਦੇ ਸਾਮਾਨ ‘ਤੇ ਵੀ ਓਨਾ ਹੀ ਟੈਰਿਫ ਲਗਾਏ।
ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਮੁੱਦੇ ‘ਤੇ ਪੀਐੱਮ ਮੋਦੀ ਨੇ ਸਪੱਸ਼ਟ ਕੀਤਾ ਕਿ ਉਹ ਅਮਰੀਕਾ ‘ਚ ਗ਼ੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਭਾਰਤ ਵਾਪਸ ਲਿਆਉਣ ਲਈ ਤਿਆਰ ਹਨ। ਇਹ ਗ਼ੈਰ-ਕਾਨੂੰਨੀ ਪ੍ਰਵਾਸ ‘ਤੇ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਨੂੰ ਮਨੁੱਖੀ ਤਸਕਰੀ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਹ ਮੁੱਦਾ ਦੋਵਾਂ ਦੇਸ਼ਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।