ਪੰਜਾਬ ਨਸ਼ਾ ਤਸਕਰਾਂ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਅੱਜ ਚੰਡੀਗੜ੍ਹ ਵਿਖੇ ਅਹਿਮ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਪੰਜਾਬ ‘ਚੋਂ ਖ਼ਤਮ ਕਰਨਾ ਹੀ ਸਰਕਾਰ ਦਾ ਮਕਸਦ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਨਸ਼ਾ ਤਸਕਰਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਨਸ਼ੇੜੀਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਅਤੇ ਅਸ਼ਾਂਤੀ ਪੈਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ, ਪੰਜਾਬ ਦੇ ਡੀਪੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਸਟੇਸ਼ਨ ਵਿੱਚ ਮੁਨਸ਼ੀ ਦਾ ਕਾਰਜਕਾਲ 2 ਸਾਲ ਹੋਵੇਗਾ, ਜਿਸ ਤੋਂ ਬਾਅਦ ਉਸਨੂੰ ਰੋਟੇਟ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਨਿਰਧਾਰਤ ਕੀਤਾ ਜਾਵੇਗਾ। ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਅਨੁਸਾਰ ਤਰੱਕੀ ਦਿੱਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਟੀਚਿਆਂ ਵਿੱਚ ਪਿਛਲੇ 3 ਸਾਲਾਂ ਦੀ ਗ੍ਰਿਫ਼ਤਾਰੀ, ਰਿਕਵਰੀ ਅਤੇ ਪ੍ਰਦਰਸ਼ਨ ਸ਼ਾਮਲ ਹਨ। ਇਨ੍ਹਾਂ ਦੇ ਆਧਾਰ ‘ਤੇ ਹੀ ਐਸਐਸਪੀ ਅਤੇ ਐਸਐਚਓ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪਾਕਿਸਤਾਨ ਦੀ ਏਜੰਸੀ ਆਈਐਸਆਈ ਅਤੇ ਉਥੋਂ ਦੇ ਸਮੱਗਲਰਾਂ ਦਾ ਨੁਕਸਾਨ ਹੋਇਆ ਹੈ। ਅਜਿਹੇ ਵਿੱਚ ਹੁਣ ਪੰਜਾਬ ਵਿੱਚ ਅਸ਼ਾਂਤੀ ਫੈਲਾ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਦੀ ਸ਼ਾਂਤੀ ਨੂੰ ਹਰ ਹਾਲ ਵਿਚ ਬਹਾਲ ਰੱਖਿਆ ਜਾਵੇਗਾ।