ਪੰਜਾਬ ਪੁਲਿਸ ਨੇ ਹਾਈ ਕੋਰਟ ਨੂੰ ਦੱਸਿਆ ਕਿ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਉਸਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ। ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕੀਤੀ। ਇਸ ਸਬੰਧੀ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਡੱਲੇਵਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਸੀ।
ਪੰਜਾਬ ਪੁਲਿਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਡੱਲੇਵਾਲ ਵਿਰੁੱਧ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪਰਿਵਾਰਕ ਮੈਂਬਰਾਂ ਨੂੰ ਡੱਲੇਵਾਲ ਨਾਲ ਮਿਲਣ ਦੀ ਇਜਾਜ਼ਤ ਦੇ ਦਿੱਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 26 ਮਾਰਚ ਨੂੰ ਹੋਵੇਗੀ।
ਇਸ ਸੁਣਵਾਈ ਤੋਂ ਬਾਅਦ ਪੰਜਾਬ ਪੁਲਿਸ ਦੇ ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਲਗਭਗ 1,400 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ 800 ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਹੈ। 60 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ, ਜਾਂ ਕੋਈ ਡਾਕਟਰੀ ਸਮੱਸਿਆ ਵਾਲੀਆਂ ਔਰਤਾਂ ਨੂੰ ਵੀ ਰਿਹਾਅ ਕੀਤਾ ਜਾਵੇਗਾ। ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇਗਾ। ਪੁਲਿਸ ਨੇ ਸਰਹੱਦਾਂ ‘ਤੇ ਕਿਸਾਨਾਂ ਦੇ ਸਾਮਾਨ ਦੀ ਚੋਰੀ ਸੰਬੰਧੀ 3 ਐਫਆਈਆਰ ਦਰਜ ਕੀਤੀਆਂ ਹਨ।