ਖੰਨਾ, ਲੁਧਿਆਣਾ, 28 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਹਲਕਾ ਖੰਨਾ ਦੇ ਪਿੰਡ ਭੁਮੱਦੀ ਵਿਖੇ ਪਹੁੰਚ ਕੇ ਯੂ.ਪੀ.ਐੱਸ.ਸੀ ਪ੍ਰੀਖਿਆ ਪਾਸ ਕਰਕੇ ਆਈ.ਏ.ਐਸ ਬਣੇ ਜਸਕਰਨ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਉਨ੍ਹਾਂ ਜਸਕਰਨ ਸਿੰਘ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿੱਖਿਆ, ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਵੀ ਮੌਜੂਦ ਸਨ।
ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ) ਪ੍ਰੀਖਿਆਵਾਂ ਦੇ ਚਾਹਵਾਨਾਂ ਨੂੰ ਕੋਚਿੰਗ ਦੇਣ ਲਈ ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ। ਤਾਂ ਜੋ ਕੇਂਦਰੀ ਸੇਵਾਵਾਂ, ਖਾਸ ਕਰਕੇ ਯੂ.ਪੀ.ਐਸ.ਸੀ ਦੁਆਰਾ ਆਯੋਜਿਤ ਪ੍ਰੀਖਿਆਵਾਂ ਵਿੱਚ ਸੂਬੇ ਦੇ ਉਮੀਦਵਾਰਾਂ ਦੇ ਘਟਦੇ ਅਨੁਪਾਤ ਨੂੰ ਪੂਰਾ ਕੀਤਾ ਜਾ ਸਕੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵੱਡੀ ਪ੍ਰਤਿਭਾ ਹੋਣ ਦੇ ਬਾਵਜੂਦ ਸੂਬੇ ਦੇ ਨੌਜਵਾਨ ਪਹਿਲਾਂ ਵਿਦੇਸ਼ ਜਾਣ ਦੇ ਰੁਝਾਨ ਕਾਰਨ ਅਤੇ ਦੂਜਾ, ਸੂਬੇ ਵਿੱਚ ਮਿਆਰੀ ਕੋਚਿੰਗ ਦੀ ਘਾਟ ਕਾਰਨ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਨਹੀਂ ਕਰ ਪਾ ਰਹੇ ਹਨ। ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਰੁਝਾਨ ਨੂੰ ਉਲਟਾਉਣ ਲਈ ਵਚਨਬੱਧ ਹੈ। ਪ੍ਰਸਤਾਵਿਤ ਕੇਂਦਰ ਮੁਫ਼ਤ ਵਿੱਚ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ ਤਾਂ ਜੋ ਸੂਬੇ ਦੇ ਉਮੀਦਵਾਰ ਆਈ.ਏ.ਐਸ, ਆਈ.ਪੀ.ਐਸ, ਆਈ.ਆਰ.ਐਸ ਅਤੇ ਹੋਰ ਸੇਵਾਵਾਂ ਦੇ ਅਧਿਕਾਰੀ ਬਣ ਸਕਣ ਅਤੇ ਦੇਸ਼ ਦੀ ਸੇਵਾ ਕਰ ਸਕਣ।
ਉਹਨਾਂ ਨੇ ਕਿਹਾ ਕਿ ਸੂਬੇ ਕੋਲ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਉੱਘੇ ਅਫਸਰ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਖੋਲ੍ਹਣ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬੀ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨ। ਇਨ੍ਹਾਂ ਵਿੱਚ ਨਿਯਮਤ ਸਿਖਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕੇਂਦਰਾਂ ਦੇ ਨਾਲ, ਰਾਜ ਸਰਕਾਰ ਰਾਜ ਵਿੱਚ ਯੂ.ਪੀ.ਐਸ.ਸੀ ਉਮੀਦਵਾਰਾਂ ਲਈ ਆਨਲਾਈਨ ਸਿਖਲਾਈ ਸ਼ੁਰੂ ਕਰਨਾ ‘ਤੇ ਵੀ ਵਿਚਾਰ ਕਰ ਰਹੀ ਹੈ।
ਇਸੇ ਤਹਿਤ ਪੰਜਾਬ ਸਰਕਾਰ ਨੇ ਹੁਣ ਇੱਕ ਹੋਰ ਵੱਡਾ ਫੈਸਲਾ ਲਿਆ ਕਿ ਜਿੰਨੇ ਸਾਡੇ ਆਈ.ਏ.ਐਸ, ਆਈ.ਪੀ.ਐਸ ਅਫਸਰ ਹਨ ਉਨ੍ਹਾਂ ਨੂੰ ਇੱਕ-ਇੱਕ ਸਰਕਾਰੀ ਸਕੂਲ ਸੰਭਾਲ ਦਿੱਤਾ ਹੈ ਤਾਂ ਜੋ ਉਹ ਹਰ ਮਹੀਨੇ ਆਪਣੇ-ਆਪਣੇ ਸਕੂਲ ਵਿੱਚ ਜਾ ਕੇ ਬੱਚਿਆਂ ਨੂੰ ਲੈਕਚਰ ਦੇ ਕੇ ਅੱਗੇ ਵਧਣ ਦੇ ਰਸਤੇ ਦੱਸ ਕੇ ਪੜ੍ਹਾਈ ਲਈ ਪ੍ਰੇਰਿਤ ਕਰ ਸਕਣ।
ਸਪੀਕਰ ਸੰਧਵਾਂ ਨੇ ਕਿਹਾ ਕਿ ਜਸਕਰਨ ਸਿੰਘ 23 ਸਾਲ ਦੀ ਉਮਰ ਵਿੱਚ ਯੂ.ਪੀ.ਐੱਸ.ਸੀ ਪ੍ਰੀਖਿਆ ਪਾਸ ਕਰ ਕੇ ਆਈ.ਆਰ.ਐੱਸ ਲਈ ਚੁਣਿਆ ਗਿਆ ਸੀ ਤੇ ਹੁਣ 25 ਸਾਲ ਦੀ ਉਮਰ ‘ਚ 240ਵਾਂ ਰੈਂਕ ਹਾਸਲ ਕਰ ਕੇ ਆਈ.ਏ.ਐੱਸ ਬਣ ਗਿਆ ਹੈ ਜਿਸ ਨੇ ਪਿੰਡ ਭੁਮੱਦੀ, ਹਲਕਾ ਖੰਨਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਇਹ ਨੌਜਵਾਨ ਪੰਜਾਬ ਦੇ ਨੌਜਵਾਨਾ ਲਈ ਪ੍ਰੇਰਣਾ ਦਾ ਸਰੋਤ ਬਣਿਆ ਹੈ।
ਆਈ.ਏ.ਐਸ ਬਣੇ ਜਸਕਰਨ ਸਿੰਘ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਪਿੰਡ ਭੁਮੱਦੀ ਵਿਖੇ ਆ ਕੇ ਉਸ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ
ਆਈ.ਏ.ਐਸ ਬਣੇ ਜਸਕਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਦਾ ਪਿੰਡ ਭੁਮੱਦੀ ਵਿਖੇ ਆ ਕੇ ਉਸ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਅਤੇ ਉਨ੍ਹਾਂ ਦੀ ਪਰਿਵਾਰ ਅਤੇ ਪਿੰਡ ਭੁਮੱਦੀ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੂੰ ਦੱਸਿਆ ਕਿ ਜਦੋਂ ਉਸ ਨੇ 2 ਸਾਲ ਪਹਿਲਾਂ ਪ੍ਰੀਖਿਆ ਦਿੱਤੀ ਸੀ ਤਾਂ ਉਸਨੇ ਦੂਜੀ ਕੋਸ਼ਿਸ਼ ਵਿੱਚ ਯੂ.ਪੀ.ਐਸ.ਸੀ ਪਾਸ ਕੀਤਾ ਸੀ ਅਤੇ 595ਵਾਂ ਰੈਂਕ ਪ੍ਰਾਪਤ ਕੀਤਾ ਸੀ ਜਿਸ ਤੋਂ ਬਾਅਦ ਸਿਖਲਾਈ ਸ਼ੁਰੂ ਹੋਈ। ਸਿਖਲਾਈ ਦੌਰਾਨ ਉਸ ਨੇ ਛੁੱਟੀ ਲੈ ਲਈ ਅਤੇ ਦੁਬਾਰਾ ਯੂ.ਪੀ.ਐਸ.ਸੀ ਦੀ ਤਿਆਰੀ ਕੀਤੀ। ਪਰਿਵਾਰ ਵੀ ਇਹ ਚਾਹੁੰਦਾ ਸੀ ਕਿ ਮੈਂ ਆਈ.ਏ.ਐਸ ਬਣਾ। ਜਿਸ ਲਈ ਦਿਨ ਰਾਤ ਪੜ੍ਹਾਈ ਕਰਕੇ ਸਖ਼ਤ ਮਿਹਨਤ ਕੀਤੀ। ਅਖੀਰ ਮਿਹਨਤ ਰੰਗ ਲਿਆਈ ਤੇ ਮੈਂ ਆਈ.ਏ.ਐਸ ਬਣ ਗਿਆ। ਉਹਨਾਂ ਕਿਹਾ ਕਿ ਡਾ. ਬੀ.ਆਰ ਅੰਬੇਦਕਰ ਇੱਕ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਨਾਂ ਸਿਰਫ ਦਲਿਤਾਂ ਲਈ ਕੰਮ ਕੀਤਾ ਬਲਕਿ ਸਾਰੇ ਵਰਗਾਂ ਦੀ ਤਰੱਕੀ ਤੇ ਜ਼ੋਰ ਦਿੱਤਾ। ਮੈਂ ਬਾਬਾ ਸਾਹਿਬ ਤੋਂ ਹਮੇਸ਼ਾ ਪ੍ਰੇਰਨਾ ਲਈ ਹੈ ਉਨ੍ਹਾਂ ਦਾ ਮੇਰੀ ਜ਼ਿੰਦਗੀ ਵਿੱਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਮੈਂ ਮਹਾਰਾਸ਼ਟਰ ਜਾਂ ਕੇ ਉਨ੍ਹਾਂ ਦਾ ਜੱਦੀ ਘਰ ਦੇਖ ਕੇ ਆਇਆ ਹਾਂ ਜੋ ਕਿ ਬਹੁਤ ਵਧੀਆ ਲੱਗਾ।
ਇਸ ਮੌਕੇ ਆਈ.ਏ.ਐਸ ਬਣੇ ਜਸਕਰਨ ਸਿੰਘ ਦੇ ਪਿਤਾ ਜਗਮੋਹਨ ਸਿੰਘ, ਮਾਤਾ ਅਮ੍ਰਿਤਪਾਲ ਕੌਰ, ਦਾਦਾ ਕਰਨੈਲ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰੀ ਜਗਤਾਰ ਸਿੰਘ ਗਿੱਲ ਰਤਨਹੇੜੀ, ਬਲਾਕ ਪ੍ਰਧਾਨ (ਦਿਹਾਤੀ) ਮਾਸਟਰ ਅਵਤਾਰ ਸਿੰਘ ਦਹਿੜੂ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਪਿੰਡ ਭੁਮੱਦੀ ਦੇ ਸਰਪੰਚ ਹਰਮਨਦੀਪ ਸਿੰਘ, ਪੰਚਾਇਤ ਮੈਂਬਰ, ਪਿੰਡ ਅਤੇ ਇਲਾਕਾ ਵਾਸੀ ਹਾਜ਼ਰ ਸਨ।