ਮੰਗਲਵਾਰ ਨੂੰ ਸ਼ੁਰੂ ਹੋਈ ਪੰਜਾਬ, ਹਿਮਾਚਲ ਪ੍ਰਦੇਸ਼ ਸਮੇਤ 15 ਤੋਂ ਵੱਧ ਥਾਵਾਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਛਾਪੇਮਾਰੀ ਹੁਣ ਖਤਮ ਹੋ ਗਈ ਹੈ। ਇਸ ਦੌਰਾਨ ਈਡੀ ਨੇ ਮਹੱਤਵਪੂਰਨ ਦਸਤਾਵੇਜ਼ ਅਤੇ ਹੋਰ ਸਾਮਾਨ ਜ਼ਬਤ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਈਡੀ ਦੀ ਟੀਮ ਨੇ ਪੰਜਾਬ, ਹਿਮਾਚਲ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਅਤੇ ਮਹਾਰਾਸ਼ਟਰ ਵਿੱਚ 15 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।
ਇਹ ਛਾਪੇਮਾਰੀ ਪੰਜਾਬ ਦੇ ਜਲੰਧਰ ਵਿੱਚ ਸਥਿਤ ਦਿਓਲ ਨਗਰ ਅਤੇ ਤਰਨਤਾਰਨ ਵਿੱਚ ਵੀ ਕੀਤੀ ਗਈ ਸੀ। ਉਕਤ ਛਾਪੇਮਾਰੀ 24 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ। ਜਦੋਂ ਉਕਤ ਛਾਪੇਮਾਰੀ ਬੁੱਧਵਾਰ ਨੂੰ ਖਤਮ ਹੋਈ, ਤਾਂ ਈਡੀ ਵੱਲੋਂ ਅਧਿਕਾਰਤ ਤੌਰ ‘ਤੇ ਜਾਣਕਾਰੀ ਸਾਂਝੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਡਰੱਗ ਤਸਕਰੀ ਸਿੰਡੀਕੇਟ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ 6 ਰਾਜਾਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਸਾਲ 2024 ਵਿੱਚ ਦਰਜ ਕੀਤੇ ਗਏ ਮਾਮਲੇ ਨੂੰ ਈਡੀ ਜਲੰਧਰ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਜਾਂਚ ਤੋਂ ਬਾਅਦ ਮੰਗਲਵਾਰ ਨੂੰ 15 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਤਹਿਤ ਦਰਜ ਮਾਮਲੇ ਤਹਿਤ ਕੀਤੀ ਗਈ ਹੈ। ਜਲੰਧਰ ਵਿੱਚ ਇਹ ਛਾਪਾ ਟਰਾਮਾਡੋਲ ਸਪਲਾਈ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਮਤਿਆਜ਼ ਸਲਮਾਨੀ ਦੇ ਦਿਓਲ ਨਗਰ ਸਥਿਤ ਘਰ ‘ਤੇ ਮਾਰਿਆ ਗਿਆ।