Friday, October 24, 2025
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਲਈ ਖੜ੍ਹੇ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਪਿਛਾਂਹਖਿੱਚੂ ਨੀਤੀਆਂ ਨੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਰ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੋਜ਼ਗਾਰ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਇਨ੍ਹਾਂ ਸਿਆਸੀ ਆਗੂਆਂ ਦੇ ਆਪਣੇ ਪਰਿਵਾਰ ਵਧੀਆ ਢੰਗ ਨਾਲ ਜੀਵਨ ਬਤੀਤ ਕਰ ਰਹੇ ਹਨ, ਪਰ ਉਨ੍ਹਾਂ ਨੇ ਆਮ ਨੌਜਵਾਨਾਂ ਦੇ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦੇ ਉਲਟ ਮੌਜੂਦਾ ਸੂਬਾ ਸਰਕਾਰ ਨੇ ਪਹਿਲੀ ਅਪ੍ਰੈਲ, 2022 ਤੋਂ ਵੱਖ-ਵੱਖ ਵਿਭਾਗਾਂ ਵਿੱਚ 54,141 ਉਮੀਦਵਾਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਬੈਚ ਦੇ ਨਾਲ ਇਹ ਅੰਕੜਾ ਹੁਣ 54,422 ਤੱਕ ਪਹੁੰਚ ਗਿਆ ਹੈ। ਸਾਲ ਦੇ ਸਭ ਤੋਂ ਲੰਬੇ ਦਿਨ ਵਜੋਂ ਅੱਜ ਦੇ ਦਿਨ ਦੀ ਮਹੱਤਤਾ ਸਦਕਾ ਅਤੇ ਨਵ-ਨਿਯੁਕਤ ਉਮੀਦਵਾਰਾਂ ਲਈ ਇਸ ਨੂੰ ਇੱਕ ਇਤਿਹਾਸਕ ਦਿਨ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਨੇ ਇਹ ਨੌਕਰੀਆਂ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਉਮੀਦਵਾਰਾਂ ਲਈ ਨੌਕਰੀ ਦਾ ਆਖ਼ਰੀ ਮੌਕਾ ਨਹੀਂ ਹੈ ਕਿਉਂਕਿ ਸਰਕਾਰ ਹੋਰ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਦੀ ਪੇਸ਼ਕਸ਼ ਕਰਨ ਦੀ ਤਿਆਰੀ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਆਗੂਆਂ ‘ਤੇ ਨਿੱਜੀ ਲਾਭ ਲਈ ਮਿਲੀਭੁਗਤ ਕਰਨ ਅਤੇ ਜਨਤਕ ਤੌਰ ‘ਤੇ ਇੱਕ ਦੂਜੇ ਦਾ ਵਿਰੋਧ ਕਰਨ ਦਾ ਦਿਖਾਵਾ ਕਰਨ ਦਾ ਦੋਸ਼ ਲਗਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਨਤਕ ਸਟੇਜਾਂ ਤੋਂ ਇੱਕ ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇੱਕ ਦੂਜੇ ਨੂੰ ਜੱਫੀਆਂ ਪਾਉਂਦੇ ਹਨ, ਜਿਸ ਤੋਂ ਉਨ੍ਹਾਂ ਦੇ ਪਖੰਡਾਂ ਦਾ ਪਰਦਾਫਾਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕ ਸਿਆਸੀ ਮਤਭੇਦਾਂ ਕਾਰਨ ਇੱਕ ਦੂਜੇ ਨਾਲ ਲੜਦੇ ਰਹਿੰਦੇ ਹਨ, ਜਦੋਂ ਕਿ ਸਿਆਸੀ ਆਗੂ ਇੱਕ ਦੂਜੇ ਦੇ ਨਿੱਜੀ ਜਸ਼ਨਾਂ ਵਿੱਚ ਸ਼ਾਮਲ ਹੁੰਦੇ ਹਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡਾ ਨੌਜਵਾਨਾਂ ਨੂੰ ਸ਼ਾਸਨ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਹੈ, ਇਸ ਤਰ੍ਹਾਂ ਉਹ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਦੇ ਯੋਗ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਦੱਸਿਆ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਉਮੀਦਵਾਰ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਮਦਦ ਕਰਨ ਅਤੇ ਜਨਤਕ ਭਲਾਈ ਵਿੱਚ ਯੋਗਦਾਨ ਪਾਉਣ ਲਈ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡੇ ਦਾ ਰਨਵੇਅ ਜਹਾਜ਼ ਦੀ ਉਡਾਣ ਭਰਨ ਵਿੱਚ ਸਹਾਈ ਹੁੰਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡ ਕੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪਛਾਣ ਬਣਾਉਣ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਯਤਨ ਕਰਨ ਲਈ ਉਤਸ਼ਾਹਿਤ ਕੀਤਾ।

ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਪੰਜਾਬ ਵਿੱਚ ਰਹਿਣ ਅਤੇ ਰਾਜ ਦੁਆਰਾ ਪੇਸ਼ ਕੀਤੇ ਜਾਣ ਵਾਲੇ ਵਿਆਪਕ ਮੌਕਿਆਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ। ਯੁਵਾ ਸਸ਼ਕਤੀਕਰਨ ਲਈ ਇੱਕ ਵੱਡੇ ਯਤਨ ਵਜੋਂ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਹੋਣਗੀਆਂ ਤਾਂ ਜੋ ਕੌਮੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ ‘ਤੇ ਸਫਲਤਾ ਪ੍ਰਾਪਤ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਸੱਤਾ ਵਿੱਚ ਆਉਣ ਵਾਲੀਆਂ ਸਿਆਸੀ ਪਾਰਟੀਆਂ ਦੀ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉਤਰ ਕਾਟੋ, ਮੈਂ ਚੜ੍ਹਾਂ’ ਦੀ ਰਣਨੀਤੀ ਤਿਆਰ ਕਰਨ ਲਈ ਉਨ੍ਹਾਂ ਦੀ ਆਲੋਚਨਾ ਵੀ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਹੁਣ ਉਨ੍ਹਾਂ ਦੀ ਸਰਕਾਰ ਨੂੰ ਸੇਵਾ ਕਰਨ ਲਈ ਚੁਣਿਆ ਹੈ ਅਤੇ ਉਹ ਜਨਤਕ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਈਰਖਾ ਕਰਕੇ ਰੋਜ਼ਾਨਾ ਉਨ੍ਹਾਂ ਦੀ ਆਲੋਚਨਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਹਰੇਕ ਕਰਮਚਾਰੀ ਨੂੰ ਸਨਮਾਨਜਨਕ ਤਨਖ਼ਾਹ ਮਿਲੇ, ਜਿਸ ਨਾਲ ਉਹ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ।

ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ ਕਿ ਪਹਿਲਾਂ ਕੁਝ ਅਧਿਆਪਕਾਂ ਨੇ 6,000 ਰੁਪਏ ਤੋਂ ਵੀ ਘੱਟ ਤਨਖ਼ਾਹ ‘ਤੇ ਨੌਕਰੀ ਕੀਤੀ ਸੀ, ਜੋ ਕਿ ਮਨਰੇਗਾ ਸਕੀਮ ਅਧੀਨ ਦਿੱਤੀ ਜਾਂਦੀ ਰਕਮ ਤੋਂ ਵੀ ਘੱਟ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਰਕਾਰੀ ਕਰਮਚਾਰੀਆਂ ਨੂੰ ਢੁਕਵਾਂ ਮੁਆਵਜ਼ਾ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਕਰ ਸਕਣ। ਪਿਛਲੀਆਂ ਸਰਕਾਰਾਂ ਦੇ ਉਲਟ ਜੋ ਅਕਸਰ ਖ਼ਾਲੀ ਖ਼ਜ਼ਾਨੇ ਦੀਆਂ ਸ਼ਿਕਾਇਤਾਂ ਕਰਦੀਆਂ ਸਨ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾਈ ਪ੍ਰਸ਼ਾਸਨ ਆਰਥਿਕ ਵਿਕਾਸ ਅਤੇ ਜਨਤਕ ਭਲਾਈ ਨੂੰ ਅੱਗੇ ਵਧਾਉਣ ਲਈ ਜਨਤਕ ਫੰਡਾਂ ਦੀ ਵਰਤੋਂ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਜਾਂ ਸਾਡੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਨਹੀਂ ਕੀਤਾ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸੂਬੇ ਦੇ ਵਿਕਾਸ ਲਈ ਇੱਕ-ਇੱਕ ਪੈਸਾ ਵਰਤਿਆ ਜਾ ਰਿਹਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਦੁਹਰਾਉਂਦੇ ਰਹਿੰਦੇ ਸਨ, ਉਸ ਨਾਲ ਸੂਬੇ ਦੇ ਵਿਕਾਸ ਵਿੱਚ ਕਾਫ਼ੀ ਔਕੜਾਂ ਪੇਸ਼ ਆਈਆਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article