ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਇਤਿਹਾਸਕ ਕਦਮ ਚੁੱਕਿਆ ਹੈ। ਤਕਨੀਕੀ ਸਿੱਖਿਆ ਤੇ ਉਦਯੋਗਿਕ ਟ੍ਰੇਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸੂਬੇ ਦੇ ਉਦਯੋਗਿਕ ਟ੍ਰੇਨਿੰਗ ਸੰਸਥਾਵਾਂ (ITI) ਵਿਚ 814 ਨਵੇਂ ਟ੍ਰੇਡ ਸ਼ੁਰੂ ਕੀਤੇ ਗਏ ਹਨ। ਇਸ ਦੇ ਨਾਲ ਹੀ ITI ਵਿਚ ਸੀਟਾਂ ਦੀ ਗਿਣਤੀ 35 ਹਜ਼ਾਰ ਤੋਂ ਵਧਾ ਕੇ 52 ਹਜ਼ਾਰ ਕਰ ਦਿੱਤੀ ਗਈ ਹੈ।
ਮੰਤਰੀ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਉਦਯੋਗ ਜਗਤ ਦੀਆਂ ਬਦਲਦੀਆਂ ਜ਼ਰੂਰਤਾਂ ਤੇ ਬਾਜ਼ਾਰ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਨਵੇਂ ਟ੍ਰੇਡ ਦੀ ਚੋਣ ਕਰਨ ਲਈ ਉਦਯੋਗ ਸਹਿਯੋਗੀਆਂ, ਉਦਯੋਗਿਕ ਮੈਨੇਜਮੈਂਟ ਕਮੇਟੀਆਂ ਤੇ ਪੰਜਾਬ ਵਿਕਾਸ ਕਮਿਸ਼ਨ ਤੋਂ ਸਲਾਹ ਲਈ ਗਈ। ਇਸ ਪਹਿਲ ਦਾ ਉਦੇਸ਼ ਨੌਜਵਾਨਾਂ ਨੂੰ ਆਧੁਨਿਕ ਤਕਨੀਕੀ ਕੌਸ਼ਲ ਵਿਚ ਨਿਪੁੰਨ ਬਣਾਉਣਾ ਹੈ ਤਾਂ ਕਿ ਉਹ ਸਥਾਨਕ ਹੀ ਨਹੀਂ ਸਗੋਂ ਰਾਸ਼ਟਰੀ ਤੇ ਕੌਮਾਂਤਰੀ ਪੱਧਰ ‘ਤੇ ਵੀ ਰੋਜ਼ਗਾਰ ਦੇ ਮੌਕੇ ਹਾਸਲ ਕਰ ਸਕਣ।
ਸਰਕਾਰ ਦਾ ਮੰਨਣਾ ਹੈ ਕਿ ਨਵੀਂ ਵਿਵਸਥਾ ਨਾਲ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਵਿਚ ਸੁਧਾਰ ਹੋਵੇਗਾ ਤੇ ਉਹ ਆਤਮਨਿਰਭਰ ਬਣ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਨੂੰ ਪੰਜਾਬ ਦੇ ਤਕਨੀਕੀ ਸਿੱਖਿਆ ਢਾਂਚੇ ਨੂੰ ਮਜ਼ਬੂਤੀ ਦੇਣ ਤੇ ਸਕਿਲ ਗੈਪ ਨੂੰ ਖਤਮ ਕਰਨ ਦੀ ਦਿਸ਼ਾ ਵਿਚ ਵੱਡੀ ਕੋਸ਼ਿਸ਼ ਦੱਸਿਆ।