CM Mann raises questions on visa ban for Nankana Sahib : ਭਾਰਤ ਸਰਕਾਰ ਨੇ ਇਸ ਵਾਰ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲੇ ਯਾਤਰੀਆਂ ਦੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕੌਮੀ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ‘ਚ ਕਿਹਾ ਹੈ ਕਿ ਦੋਹਾਂ ਦੇਸ਼ਾਂ ਦਰਮਿਆਨ ਬਣੇ ਤਣਾਅ ਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦੀ ਅਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸੱਚਾ ਸੌਦਾ ਚੂੜਕਾਣਾ ਤੇ ਗੁਰਦੁਆਰਾ ਰੋੜੀ ਸਾਹਿਬ ਫਾਰੂਕਾਬਾਦ ਦੇ ਦਰਸ਼ਨਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਇਸ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਸ਼ਰਧਾਲੂਆਂ ਨੂੰ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਦੇ ਰਹੀ ਹੈ। ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੋਵਾਂ ਦੇ ਧਾਰਮਿਕ ਸਥਾਨ ਪੰਜਾਬੀਆਂ ਦੇ ਵਿਸ਼ਵਾਸ ਦਾ ਕੇਂਦਰ ਹਨ।
ਐਤਵਾਰ ਨੂੰ ਏਸ਼ੀਆ ਕੱਪ 2025 ਵਿੱਚ ਦੁਬਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਮੈਚ ਨੂੰ ਲੈ ਕੇ ਹੰਗਾਮਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਸਵਾਲ ਕੀਤਾ ਕਿ ਪਾਕਿਸਤਾਨ ਨਾਲ ਮੈਚ ਖੇਡ ਸਕਦੇ ਪਰ ਸ਼ਰਧਾਲੂ ਨਨਕਾਣਾ ਸਾਹਿਬ ਨਹੀਂ ਜਾ ਸਕਦੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਦੁਪਹਿਰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਭਾਰਤ-ਪਾਕਿਸਤਾਨ ਮੈਚ ਹੋਣ ‘ਤੇ ਗੁੱਸਾ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਕਲਾਕਾਰਾ ਦਾ ਫ਼ਿਲਮ ‘ਚ ਹੋਣ ‘ਤੇ ਪੰਜਾਬੀ ਕਲਾਕਾਰਾ ਦੀਆਂ ਫਿਲਮਾਂ ‘ਤੇ ਬੈਨ ਲਗਾਇਆ ਗਿਆ ਪਰ ਪਾਕਿਸਤਾਨ ਨਾਲ ਕ੍ਰਿਕਟ ਮੈਚ ਖੇਡਿਆ ਗਿਆ। ਉਨ੍ਹਾਂ ਕਿਹਾ ਕਿ ਜੇ ਮੈਚ ਖੇਡ ਸਕਦੇ ਹਾਂ ਤਾਂ ਫਿਰ ਕਰਤਾਰਪੁਰ ਜਾਂ ਨਨਕਾਣਾ ਸਾਹਿਬ ਕਿਉਂ ਨਹੀਂ ਜਾ ਸਕਦੇ। ਇਹ ਸਾਡੀ ਆਸਥਾ ਹੈ, ਕੋਈ ਰਾਜਨੀਤੀ ਜਾਂ ਕਾਰੋਬਾਰ ਨਹੀਂ। ਫ਼ਿਲਮਾਂ ਤੇ ਕ੍ਰਿਕਟ ਇੰਤਜ਼ਾਰ ਕਰ ਸਕਦੇ ਨੇ ਪਰ ਆਸਥਾ ਤੇ ਗੁਰਪੁਰਬ ਨਹੀਂ। ਮਾਨ ਨੇ ਕਿਹਾ ਕਿ ਪਾਕਿਸਤਾਨ ਨਾਲ ਜਾਂ ਤਾਂ ਸਾਰਾ ਕੁਝ ਖੋਲ੍ਹੋ ਜਾਂ ਸਭ ਕੁਝ ਬੰਦ ਕਰ ਦਿਓ।




