Thursday, October 23, 2025
spot_img

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਬਾਬਾ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

Must read

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਸਵਾਮੀ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਵਾਮੀ ਰਾਮਦੇਵ ਅਤੇ ਉਨ੍ਹਾਂ ਨਾਲ ਮੁੰਬਈ ਤੋਂ ਆਏ ਸ. ਹਰਪ੍ਰੀਤ ਸਿੰਘ ਮਿਨਹਾਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਅਤੇ ਸੰਸਥਾਵਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਸਵਾਮੀ ਰਾਮਦੇਵ ਨੇ ਵੀ ਆਪਣੀ ਸੰਸਥਾ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਹੈ। ਐਡਵੋਕੇਟ ਧਾਮੀ ਨੇ ਸਵਾਮੀ ਰਾਮਦੇਵ ਅਤੇ ਉਨ੍ਹਾਂ ਦੀ ਸੰਸਥਾ ਦਾ ਧੰਨਵਾਦ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਸਵਾਮੀ ਰਾਮ ਦੇਵ ਨੂੰ ਸੱਦਾ ਵੀ ਦਿੱਤਾ।

ਇਸੇ ਦੌਰਾਨ ਸਵਾਮੀ ਰਾਮਦੇਵ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਕਾਰ ਸਾਰੀ ਮਨੁੱਖਤਾ ’ਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਗੁਰੂ ਸਾਹਿਬਾਨ ਵੱਲੋਂ ਵਰੋਸਾਏ ਇਸ ਪਾਵਨ ਅਸਥਾਨ ’ਤੇ ਕਿਸੇ ਤਰ੍ਹਾਂ ਵੀ ਧਰਮ, ਜਾਤ ਤੇ ਮਜ਼੍ਹਬ ਦਾ ਭੇਦ ਨਹੀਂ ਕੀਤਾ ਜਾਂਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਪਤੰਜਲੀ ਯੋਗ ਪੀਠ ਵੱਲੋਂ ਵੀ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਮੋਹਨ ਸਿੰਘ ਬੰਗੀ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਐਡਵੋਕੇਟ ਸ੍ਰੀ ਪ੍ਰਦੀਪ ਗੋਇਲ, ਮੈਨੇਜਰ ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਤੇ ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article