Thursday, November 6, 2025
spot_img

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ CM ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ

Must read

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਜਿਸ ਨਾਲ ਸੂਬੇ ਵਿੱਚ ਬਿਜਲੀ ਤੇ ਸਿੰਚਾਈ ਸਹੂਲਤਾਂ ਵਿੱਚ ਵੱਡਾ ਵਾਧਾ ਹੋਵੇਗਾ।

ਇਹ ਪ੍ਰਾਜੈਕਟ ਨੂੰ ਸਮਰਪਿਤ ਕਰਨ ਮੌਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਉਹ ਡੈਮ ਦਾ ਨਿਰਮਾਣ ਕਰਨ ਵਾਲੇ ਇੰਜਨੀਅਰਾਂ, ਮੁਲਾਜ਼ਮਾਂ ਅਤੇ ਕਿਰਤੀ-ਕਾਮਿਆਂ ਦਾ ਸਾਰੇ ਪੰਜਾਬੀਆਂ ਵੱਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਇਹ ਡੈਮ ਕਿਸਾਨਾਂ, ਸਨਅਤਕਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਕਿਉਂਕਿ ਇਸ ਨਾਲ ਇਸ ਡੈਮ ਨਾਲ ਜਿੱਥੇ ਬਿਜਲੀ ਦਾ ਉਤਪਾਦਨ ਵਧੇਗਾ, ਉਥੇ ਸਿੰਚਾਈ ਦੀ ਸਹੂਲਤ ਵੀ ਮਿਲੇਗੀ। ਇਸ ਪ੍ਰਾਜੈਕਟ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਡੇ ਮੌਕੇ ਹਾਸਲ ਹੋਣਗੇ।

ਮੁੱਖ ਮੰਤਰੀ ਨੇ ਕਿਹਾ, “ਸ਼ਾਹਪੁਰ ਕੰਢੀ ਡੈਮ ਪੰਜਾਬ ਦੀ ਖਾਸ ਕਰਕੇ ਮਾਝੇ ਦੇ ਇਲਾਕੇ ਦੀ ਲਾਈਫ ਲਾਈਨ (ਜੀਵਨ ਰੇਖਾ) ਸਾਬਤ ਹੋਵੇਗੀ। ਮੈਨੂੰ ਉਮੀਦ ਹੈ ਕਿ ਇਹ ਡੈਮ ਜਿੱਥੇ ਲੱਖਾਂ ਘਰਾਂ ਨੂੰ ਰੌਸ਼ਨ ਕਰੇਗਾ, ਉਥੇ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਵੀ ਰੁਸ਼ਨਾਏਗਾ।”

ਇਸ ਪ੍ਰਾਜੈਕਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੀ ਕੀਮਤ 3394.49 ਕਰੋੜ ਰੁਪਏ ਹੈ। ਇਸ ਵਿੱਚੋਂ 2694.02 ਕਰੋੜ ਰੁਪਏ (ਲਗਪਗ 80 ਫੀਸਦੀ) ਪੰਜਾਬ ਵੱਲੋਂ ਖਰਚੇ ਜਾ ਰਹੇ ਹਨ ਜਦਕਿ ਬਾਕੀ 700.45 ਕਰੋੜ ਰੁਪਏ (20 ਫੀਸਦੀ) ਦੀ ਸਹਾਇਤਾ ਭਾਰਤ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਲਈ 3171.72 ਏਕੜ ਜ਼ਮੀਨ ਐਕੁਵਾਇਰ ਕੀਤੀ ਜਿਸ ਵਿੱਚ 1643.77 ਏਕੜ ਜ਼ਮੀਨ ਪੰਜਾਬ ਦੀ ਜਦਕਿ 1527.95 ਏਕੜ ਜ਼ਮੀਨ ਜੰਮੂ ਕਸ਼ਮੀਰ ਦੀ ਹੈ।

ਨਵੇਂ ਡੈਮ ਨਾਲ ਸਿੰਚਾਈ ਸਹੂਲਤਾਂ ਦਾ ਜ਼ਿਕਰ ਕਰਦਿਆਂ ਇਸ ਪ੍ਰਾਜੈਕਟ ਨਾਲ ਪੰਜਾਬ ਵਿੱਚ 5000 ਹੈਕਟੇਅਰ (12500 ਏਕੜ) ਵਿੱਚ ਸਿੰਚਾਈ ਸਹੂਲਤ ਹੋਵੇਗੀ ਜਿਸ ਨਾਲ ਮਾਝੇ ਇਲਾਕੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ ਹੋਰ ਜ਼ਿਲ੍ਹਿਆਂ ਦੇ ਖੇਤਾਂ ਵਿੱਚ ਪਾਣੀ ਪਹੁੰਚੇਗਾ। ਇਸ ਪ੍ਰਾਜੈਕਟ ਨਾਲ ਅਪਰ ਬਾਰੀ ਦੁਆਬ ਨਹਿਰ ਅਧੀਨ ਇਕ ਲੱਖ 18 ਹਜ਼ਾਰ ਹੈਕਟੇਅਰ ਰਕਬੇ ਲਈ ਹੁਣ ਨਿਰੰਤਰ ਸਿੰਚਾਈ ਸਹੂਲਤਾਂ ਮਿਲਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਦੇ ਨਿਰਮਾਣ ਤੋਂ ਪਹਿਲਾਂ, ਰਣਜੀਤ ਸਾਗਰ ਡੈਮ ਪਾਵਰ ਹਾਊਸ ਸਵੇਰੇ ਤੇ ਸ਼ਾਮ ਸਮੇਂ ਬਿਜਲੀ ਦੀ ਵੱਧ ਲੋੜ ਹੋਣ ਦੇ ਮੌਕੇ ਆਪਣੀ ਪੂਰੀ 600 ਮੈਗਾਵਾਟ ਦੀ ਸਮਰੱਥਾ ਨਾਲ ਕੰਮ ਨਹੀਂ ਕਰ ਸਕਦਾ ਸੀ, ਕਿਉਂਕਿ ਹੇਠਾਂ ਪਾਣੀ ਸਟੋਰ ਕਰਨ ਲਈ ਕੋਈ ਰਿਜ਼ਰਵਾਇਰ ਮੌਜੂਦ ਨਹੀਂ ਸੀ ਅਤੇ ਪਾਣੀ ਪਾਕਿਸਤਾਨ ਅਜਾਈਂ ਚਲਾ ਜਾਂਦਾ ਸੀ।

ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਦੇ ਚਾਲੂ ਹੋਣ ਨਾਲ, ਰਣਜੀਤ ਸਾਗਰ ਪਾਵਰ ਹਾਊਸ ਹੁਣ ਸਵੇਰੇ ਅਤੇ ਸ਼ਾਮ ਦੌਰਾਨ ਬਿਜਲੀ ਦੀ ਲੋੜ ਅਨੁਸਾਰ ਪ੍ਰਭਾਵਸ਼ਾਲੀ ਤਰੀਕੇ ਨਾਲ ਬਿਜਲੀ ਉਤਪਾਦਨ ਕਰ ਰਿਹਾ ਹੈ। ਰਣਜੀਤ ਸਾਗਰ ਡੈਮ ਤੋਂ ਛੱਡਿਆ ਗਿਆ ਪਾਣੀ ਹੁਣ ਸ਼ਾਹਪੁਰ ਕੰਢੀ ਰਿਜ਼ਰਵਾਇਰ ਵਿੱਚ ਸਟੋਰ ਕੀਤਾ ਜਾਂਦਾ ਹੈ। ਇਸ ਨਾਲ ਬਿਜਲੀ ਦਾ ਉਤਪਾਦਨ ਕਰਨ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਸਪਲਾਈ ਯਕੀਨੀ ਬਣ ਰਹੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਦੀ ਉਚਾਈ 55.5 ਮੀਟਰ ਹੈ ਅਤੇ ਇਸ ਪ੍ਰਾਜੈਕਟ ਵਿੱਚ 7.7 ਕਿਲੋਮੀਟਰ ਹਾਈਡਲ ਚੈਨਲ ਹੋਵੇਗਾ। ਉਨ੍ਹਾਂ ਦੱਸਿਆ ਕਿ 206 ਮੈਗਾਵਾਟ ਦੀ ਸਮਰੱਥਾ ਵਾਲੇ ਦੋ ਬਿਜਲੀ ਘਰ (ਪਾਵਰ ਹਾਊਸ) ਬਣਾਏ ਜਾ ਰਹੇ ਹਨ ਅਤੇ ਇਨ੍ਹਾਂ ਦਾ 75 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਪ੍ਰਾਜੈਕਟ ਮਾਰਚ, 2026 ਤੱਕ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ ਜਿਸ ਨਾਲ ਬਿਜਲੀ ਦਾ ਉਤਪਾਦਨ ਸ਼ੁਰੂ ਹੋਵੇਗਾ।

ਸਿੰਚਾਈ ਸਹੂਲਤਾਂ ਲਈ ਡੈਮ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਡੈਮ ਨਾਲ ਤਿੰਨ ਨਵੀਆਂ ਨਹਿਰਾਂ ਦੇ ਨਿਰਮਾਣ ਦਾ ਕੰਮ ਵੀ ਅੰਤਿਮ ਪੜਾਅ ‘ਤੇ ਹੈ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਦੇ ਉਪਰਲੇ ਪਾਸੇ ਇੱਕ ਝੀਲ ਬਣਾਈ ਗਈ ਹੈ, ਜਿਸ ਨੂੰ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਸਭ ਤੋਂ ਵੱਡੇ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਡੈਮ ਨਾਲ ਪੰਜਾਬ, ਉੱਤਰੀ ਭਾਰਤ ਵਿੱਚ ਵਾਟਰ ਸਪੋਰਟਸ ਨੂੰ ਵੱਡਾ ਹੁਲਾਰਾ ਦੇਵੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਾਹਪੁਰ ਕੰਢੀ ਡੈਮ, ਰਣਜੀਤ ਸਾਗਰ ਡੈਮ ਅਤੇ ਚਮਰੋੜ ਨੂੰ ਵਿਸ਼ਵ ਪੱਧਰੀ ਟੂਰਿਜ਼ਮ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਕੰਪਨੀਆਂ ਇਨ੍ਹਾਂ ਡੈਮਾਂ ਵਿੱਚ ਟੂਰਿਜ਼ਮ ਪ੍ਰਾਜੈਕਟ ਲਾਉਣ ਲਈ ਤਿਆਰ ਹਨ ਜਿਨ੍ਹਾਂ ਨਾਲ ਗੱਲਬਾਤ ਦਾ ਦੌਰ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਡੀਆਂ ਕੰਪਨੀਆਂ ਇਸ ਇਲਾਕੇ ਦੀ ਖੂਬਰਸੂਰਤੀ ਤੋਂ ਬਹੁਤ ਆਕਰਸ਼ਿਤ ਹੈ ਜਿਸ ਕਰਕੇ ਇੱਥੇ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਦੀਆਂ ਬਹੁਤ ਵੱਡੀਆਂ ਸੰਭਾਵਨਾਵਾਂ ਹਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਬਰਿੰਦਰ ਕੁਮਾਰ ਗੋਇਲ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਹੋਰ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article