Friday, December 26, 2025
spot_img

CM ਮਾਨ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ : ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

Must read

ਚੰਡੀਗੜ੍ਹ : ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।

ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ, “ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲ ਹੈ ਜਿਸ ਦਾ ਉਦੇਸ਼ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਸਬੰਧੀ ਵਿੱਤੀ ਸੁਰੱਖਿਆ ਅਤੇ ਆਸਾਨ ਪਹੁੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ, “ਇਹ ਸਕੀਮ ਵਿਸ਼ਵ ਪੱਧਰੀ ਸਿਹਤ ਕਵਰੇਜ ਵੱਲ ਇੱਕ ਅਹਿਮ ਕਦਮ ਹੈ ਜਿਸ ਤਹਿਤ ਹਰੇਕ ਨਾਮਜ਼ਦ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਲੈਣ ਦਾ ਹੱਕਦਾਰ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਸਕੀਮ ਤਹਿਤ ਸਿਹਤ ਸੰਭਾਲ ਸੇਵਾਵਾਂ ਤੱਕ ਸਾਰੇ ਵਸਨੀਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਵਸਨੀਕ ਪੰਜਾਬ ਅਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਵਿਆਪਕ ਨੈਟਵਰਕ ਵਿੱਚ ਵੱਡੀਆਂ ਬਿਮਾਰੀਆਂ, ਗੰਭੀਰ ਦੇਖਭਾਲ, ਸਰਜਰੀਆਂ ਅਤੇ ਜੀਵਨ ਰੱਖਿਅਕ ਇਲਾਜ ਕਰਵਾ ਸਕਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸੂਚੀਬੱਧ ਹਸਪਤਾਲਾਂ ਵਿੱਚ ਨਕਦ ਰਹਿਤ ਅਤੇ ਕਾਗਜ਼ ਰਹਿਤ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਦੂਜੇ ਅਤੇ ਤੀਜੇ ਦਰਜੇ ਦੀ ਸਿਹਤ ਸੰਭਾਲ ‘ਤੇ ਹੋਣ ਵਾਲੇ ਖਰਚੇ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ, “ਇਸੇ ਤਰ੍ਹਾਂ, ਇਹ ਸਕੀਮ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਮਜ਼ਬੂਤ ਕਰੇਗੀ ਅਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਸਮੇਂ ਸਿਰ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਲਾਭਪਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅਧੀਨ ਹਸਪਤਾਲ ਵਿੱਚ ਭਰਤੀ ਹੋਣ ‘ਤੇ ਹੋਣ ਵਾਲੇ ਖ਼ਰਚੇ, ਸਰਜਰੀਆਂ ਅਤੇ ਡਾਕਟਰੀ ਪ੍ਰਕਿਰਿਆਵਾਂ, ਆਈ.ਸੀ.ਯੂ. ਅਤੇ ਗੰਭੀਰ ਦੇਖਭਾਲ ਸੇਵਾਵਾਂ, ਬੀਮਾਰੀਆਂ ਦੀ ਜਾਂਚ, ਦਵਾਈਆਂ ਅਤੇ ਪ੍ਰਵਾਨਿਤ ਪੈਕੇਜਾਂ ਅਨੁਸਾਰ ਵਰਤੋਂ ਵਾਲਾ ਸਮਾਨ, ਹਸਪਤਾਲ ਵਿੱਚ ਭਰਤੀ ਹੋਣ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚਿਆਂ ਸਮੇਤ ਹੋਰ ਸਾਰੇ ਖ਼ਰਚੇ ਕਵਰ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਇੱਕ ਪਰਿਵਾਰ ਸਿਰਫ਼ 5 ਲੱਖ ਰੁਪਏ ਤੱਕ ਦਾ ਹੀ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ, ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ, ਇਹ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਲੈਣ ਦਾ ਹੱਕਦਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਆਮਦਨ ਸਬੰਧੀ ਕੋਈ ਸੀਮਾ ਨਹੀਂ ਰੱਖੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਕੋਈ ਵੀ ਨਾਗਰਿਕ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਨਿੱਜੀ ਹਸਪਤਾਲ ਵਿੱਚ ਆਪਣਾ ਮੁਫ਼ਤ ਇਲਾਜ ਪ੍ਰਾਪਤ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਕਿਸੇ ਵੀ ਨਾਗਰਿਕ ਨੂੰ ਵਿੱਤੀ ਤੰਗੀਆਂ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਭਲਾਈ ਲਈ ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਨ ਵਾਸਤੇ ਸਾਰੇ ਜ਼ਰੂਰੀ ਪ੍ਰਬੰਧ ਕਰ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article