ਗਣਤੰਤਰ ਦਿਵਸ 26 ਜਨਵਰੀ, 2026 ਨੂੰ ਪਰੇਡ ਵਿੱਚ ਪੰਜਾਬ ਦੀ ਖਾਸ ਝਾਕੀ ਨਜ਼ਰ ਆਵੇਗੀ। ਇਹ ਝਾਕੀ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਝਾਕੀ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਜਿੱਥੇ ਅਸੀਂ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸੂਬਾ ਪੱਧਰੀ ਸਮਾਗਮਾਂ ਰਾਹੀਂ ਪੂਰੀ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਾਂ ਉੱਥੇ ਹੀ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਦੀ ਪਰੇਡ ਲਈ ਭੇਜੀ ਗਈ ਹੈ, ਜੋ ਕਿ ਇਸ ਵਾਰ 26 ਜਨਵਰੀ ਦੀ ਪਰੇਡ ਦੀ ਸ਼ੋਭਾ ਬਣੇਗੀ। ਕੁੱਲ ਦੁਨੀਆ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਆਜ਼ਾਦੀ ਦੇਣ ਦੇ ਨਾਲ-ਨਾਲ ਸਮਾਜਿਕ ਆਜ਼ਾਦੀ ਪ੍ਰਤੀ ਜਾਗਰੂਕ ਕਰਦੀਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਨੌਜਵਾਨਾਂ ਸਮੇਤ ਹਰ ਵਰਗ ਨੂੰ ਜਾਣੂੰ ਕਰਵਾਉਣਾ ਸਮੇਂ ਦੀ ਲੋੜ ਹੈ। ਜਿਸ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।”
ਗਣਤੰਤਰ ਦਿਵਸ ਦੀ ਪਰੇਡ ਦੀ ਸ਼ੋਭਾ ਬਣੇਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦੀ ਝਾਕੀ : CM ਭਗਵੰਤ ਮਾਨ





