Tuesday, May 19, 2026
spot_img

ਦੇਸ਼ ਨੂੰ ‘ਵਿਸ਼ਵ ਗੁਰੂ’ ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ ‘ਵਿਸ਼ਵ ਚੇਲਾ’ ਬਣਾ ਦਿੱਤਾ: CM ਮਾਨ

Must read

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ।

ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ ‘ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮੱਚ ਗਈ ਹੈ।

ਮੁੱਖ ਮੰਤਰੀ ਨੇ ਤੰਨਜ਼ ਕੱਸਦਿਆ ਕਿਹਾ, “ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ਵਿੱਚ ਸਥਿਤੀ ਇੰਨੀ ਗੰਭੀਰ ਨਹੀਂ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸਿਤਮਜ਼ਰੀਫ਼ੀ ਵਾਲੀ ਗੱਲ ਹੈ ਕਿ “ਵਿਸ਼ਵ ਗੁਰੂ” ਬਣਨ ਦਾ ਮਾਣ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਹੁਣ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, “ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਲਏ ਜਾਣ ਵਾਲੇ ਹਰੇਕ ਛੋਟੇ ਤੋਂ ਛੋਟੇ ਫੈਸਲੇ ਲਈ ਅਮਰੀਕਾ ‘ਚ ਬੈਠੇ ਆਪਣੇ ਦੋਸਤਾਂ ਤੋਂ ਮਨਜ਼ੂਰੀ ਲੈਂਦੀ ਹੈ। ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਜਿੱਥੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੋਚ-ਸਮਝ ਕੇ ਖ਼ਰਚ ਕਰਨ ਦੀ ਤਾਕੀਦ ਕੀਤੀ ਜਾਂਦੀ ਹੈ ਅਤੇ ਉਹ ਆਪ ਐਸ਼ੋ-ਇਸ਼ਰਤ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਅੱਗੇ ਕਿਹਾ,“ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਦੌਰਿਆਂ ਵਿੱਚ ਮਸ਼ਰੂਫ਼ ਹਨ, ਪਰ ਦੇਸ਼ ਵਾਸੀਆਂ ਨੂੰ ਵਿਦੇਸ਼ ਯਾਤਰਾ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਨ। ਪ੍ਰਧਾਨ ਮੰਤਰੀ ਨੇ ਪਿਛਲੇ 14 ਸਾਲਾਂ ਵਿੱਚ ਕੀਤੇ ਇੰਨੇ ਵਿਦੇਸ਼ੀ ਦੌਰਿਆਂ ਤੋਂ ਹੋਈਆਂ ਪ੍ਰਾਪਤੀਆਂ ਦੀ ਜਾਣਕਾਰੀ ਕਦੇ ਵੀ ਮੀਡੀਆ, ਦੇਸ਼ ਜਾਂ ਸੰਸਦ ਨਾਲ ਸਾਂਝੀ ਨਹੀਂ ਕੀਤੀ”।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਨ੍ਹਾਂ ਦੌਰਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ, ਪਰ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਦੱਸਿਆ ,“ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ। ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ,”।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article