ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਗਰੁੱਪ ਸੀ ਅਤੇ ਡੀ ਦੀਆਂ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 24 ਅਪਰੈਲ, 2023 ਦਿਨ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੁਣੇ ਗਏ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ‘ਚ 98 ਕਲਰਕ (ਗਰੁੱਪ ਸੀ), 02 ਜੂਨੀਅਰ ਡਰਾਫਟਸਮੈਨ (ਗਰੁੱਪ ਸੀ, ਤਰਸ ਦੇ ਆਧਾਰ ‘ਤੇ) ਅਤੇ 07 (ਗਰੁੱਪ ਡੀ, ਤਰਸ ਦੇ ਆਧਾਰ ‘ਤੇ) ਆਦਿ ਕੁੱਲ 107 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੁਣ ਤੱਕ 22 ਗਰੁੱਪ (ਏ), 206 ਗਰੁੱਪ (ਬੀ), 138 ਗਰੁੱਪ (ਸੀ) ਅਤੇ 26 ਗਰੁੱਪ (ਡੀ) ਸਮੇਤ ਕੁੱਲ 392 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਇੱਕ ਸਾਲ ਦੇ ਸਮੇਂ ਦੌਰਾਨ ਸੂਬੇ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆ ਨਿਯੁਕਤੀਆਂ ਨਾਲ ਜ਼ਮੀਨੀ ਪੱਧਰ ‘ਤੇ ਲੋਕ ਨਿਰਮਾਣ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਆਵੇਗਾ।