ਲੁਧਿਆਣਾ, 1 ਅਗਸਤ
ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਪੁਲੀਸ ਲਾਠੀਚਾਰਜ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਲੁਧਿਆਣਾ ਵਿੱਚ ਪਿਛਲੇ 9 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਪਹੁੰਚ ਕੇ ਧਰਨਾਕਾਰੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਦੇ ਭਰੋਸੇ ਤੋਂ ਬਾਅਦ ਜਥੇਬੰਦੀਆਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੇ ਵੱਡੀ ਰਾਹਤ ਦਾ ਸਾਹ ਲਿਆ ਹੈ। ਦੱਸ ਦਈਏ ਕਿ ਸ਼ਹਿਰ ਵਿੱਚ ਪਿਛਲੇ 9 ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ ਹੈ, ਜਿਸ ਕਰਕੇ ਪੂਰੇ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ ਸੀ ਕਿ ਆਉਂਦੇ ਵਿਧਾਨ ਸਭਾ ਇਜਲਾਸ ਦੌਰਾਨ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਥਾਈ ਹੱਲ ਕੱਢਿਆ ਜਾਵੇਗਾ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਜਾਂ ਫਿਰ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇਗਾ। ਬਰਨਾਲਾ ਕਾਂਡ ਦੀ ਨਿੰਦਾ ਕਰਦਿਆਂ ਮੰਤਰੀ ਨੇ ਦੱਸਿਆ ਕਿ ਲਾਠੀਚਾਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਵੀਡੀਓਜ਼ ਰਾਹੀਂ ਮੁਲਜ਼ਮਾਂ ਦੀ ਪਛਾਣ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰ ਦਿੱਤੀ ਗਈ ਹੈ ਅਤੇ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਵੀ ਦਿੱਤਾ ਜਾਵੇਗਾ।
ਡੋਰ-ਟੂ-ਡੋਰ ਕੂੜਾ ਚੁੱਕਣ ਦਾ ਠੇਕਾ ਰੱਦ: ਨਰੇਸ਼ ਧੀਂਗਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਲਮੀਕਿ ਭਾਈਚਾਰੇ ਦੇ ਆਗੂ ਨਰੇਸ਼ ਧੀਂਗਾਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਸ਼ਵਾਸ ਦਵਾਉਣ ਤੋਂ ਬਾਅਦ ਹੜਤਾਲ ਸਮਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੋਰ-ਟੂ-ਡੋਰ ਕੂੜਾ ਚੁੱਕਣ ਵਾਲੀ ਕੰਪਨੀ ਦਾ ਠੇਕਾ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ। ਮੇਅਰ ਇੰਦਰਜੀਤ ਕੌਰ ਅਤੇ ਮੰਤਰੀ ਬੈਂਸ ਨੇ ਉਨ੍ਹਾਂ ਦੀ ਡਿਊਟੀ ਲਗਾਈ ਹੈ ਅਤੇ ਮੰਗਲਵਾਰ ਨੂੰ ਇਸ ਸਬੰਧੀ ਅਹਿਮ ਮੀਟਿੰਗ ਕੀਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਬਾਰਿਸ਼ ਦੇ ਮੌਸਮ ਅਤੇ ਸ਼ਹਿਰ ਵਿੱਚ ਕੂੜੇ ਦੇ ਵਧ ਰਹੇ ਢੇਰਾਂ ਕਾਰਨ ਆਮ ਜਨਤਾ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਦੇਖਦਿਆਂ ਇਹ ਹੜਤਾਲ ਵਾਪਸ ਲਈ ਗਈ ਹੈ।




