ਜਲੰਧਰ ਬਾਈਪਾਸ ਚੌਂਕ ਵਿੱਚ ਸਥਾਪਤ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨਾਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਦਿਨ-ਦਿਹਾੜੇ ਕੋਈ ਵਿਅਕਤੀ ਬੁੱਤ ’ਤੇ ਚੜ੍ਹ ਕੇ ਬੇਅਦਬੀ ਕਰ ਗਿਆ ਅਤੇ ਕਿਸੇ ਨੂੰ ਭਣਕ ਤੱਕ ਨਹੀਂ ਲੱਗੀ। ਉੱਥੇ ਮੌਜੂਦ ਇੱਕ ਵਿਅਕਤੀ ਨੇ ਜਦੋਂ ਇਹ ਦੇਖਿਆ ਤਾਂ ਉਸ ਨੇ ਤੁਰੰਤ ਵੱਖ-ਵੱਖ ਸੰਸਥਾਵਾਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਦੇਖਦਿਆਂ ਹੀ ਦੇਖਦਿਆਂ ਵੱਡੀ ਗਿਣਤੀ ਲੋਕ ਮੌਕੇ ’ਤੇ ਇਕੱਠੇ ਹੋ ਗਏ। ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਖ਼ਬਰ ਮਿਲਦਿਆਂ ਹੀ ਪੁਲੀਸ ਦੇ ਉੱਚ ਅਧਿਕਾਰੀ ਅਤੇ ਥਾਣਾ ਸਲੇਮ ਟਾਬਰੀ ਦੀ ਪੁਲੀਸ ਟੀਮ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਵੀ ਕਿਸੇ ਵੱਲੋਂ ਡਾ. ਅੰਬੇਦਕਰ ਦੇ ਬੁੱਤ ਨਾਲ ਬੇਅਦਬੀ ਕੀਤੀ ਗਈ ਸੀ ਅਤੇ ਉਸ ਸਮੇਂ ਵੀ ਪ੍ਰਸ਼ਾਸਨ ਵੱਲੋਂ ਸਿਰਫ਼ ਭਰੋਸਾ ਹੀ ਦਿੱਤਾ ਗਿਆ ਸੀ। ਮੌਕੇ ’ਤੇ ਪਹੁੰਚੀਆਂ ਸੰਸਥਾਵਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਜਲੰਧਰ ਬਾਈਪਾਸ ਚੌਂਕ ’ਚ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਬਾਈਪਾਸ ਰੋਡ ਜਾਮ ਕਰ ਦਿੱਤੀ, ਜਿਸ ਨਾਲ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
ਵਕੀਲ ਨਰਿੰਦਰ ਆਦੀਆ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਸਾਥੀ ਜਦੋਂ ਉੱਥੋਂ ਲੰਘ ਰਿਹਾ ਸੀ ਤਾਂ ਬੇਅਦਬੀ ਕੀਤੀ ਗਈ ਹੈ। ਉਸ ਨੇ ਤੁਰੰਤ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਹ ਆਪਣੇ ਸਾਥੀਆਂ ਸਣੇ ਮੌਕੇ ’ਤੇ ਪਹੁੰਚੇ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਹੋਈ ਘਟਨਾ ਵੇਲੇ ਪੁਲੀਸ ਨੇ ਵਾਅਦਾ ਕੀਤਾ ਸੀ ਕਿ ਬਾਬਾ ਸਾਹਿਬ ਦੇ ਬੁੱਤ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਜਾਵੇਗਾ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ, ਪਰ ਕਾਰਵਾਈ ਦੇ ਨਾਂ ’ਤੇ ਸਿਰਫ਼ ਕਾਗਜ਼ੀ ਗੱਲਾਂ ਹੀ ਹੋਈਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਮੁਲਜ਼ਮ ਦਾ ਪਤਾ ਨਹੀਂ ਲੱਗਦਾ ਅਤੇ ਸਖ਼ਤ ਕਾਰਵਾਈ ਨਹੀਂ ਹੁੰਦੀ, ਉਹ ਧਰਨੇ ਤੋਂ ਨਹੀਂ ਉੱਠਣਗੇ।
ਵੱਖ-ਵੱਖ ਸੰਸਥਾਵਾਂ ਪਹੁੰਚੀਆਂ, ਚੌਂਕ ਕੀਤਾ ਜਾਮ:
ਬਾਬਾ ਸਾਹਿਬ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਖ਼ਬਰ ਫੈਲਦਿਆਂ ਹੀ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਮੌਕੇ ’ਤੇ ਪਹੁੰਚ ਗਏ। ਪ੍ਰਦਰਸ਼ਨਕਾਰੀਆਂ ਨੇ ਚਾਰੋਂ ਪਾਸਿਆਂ ਤੋਂ ਆਵਾਜਾਈ ਠੱਪ ਕਰ ਦਿੱਤੀ, ਜਿਸ ਨਾਲ ਸੜਕਾਂ ’ਤੇ ਗੱਡੀਆਂ ਦਾ ਲੰਮਾ ਜਾਮ ਲੱਗ ਗਿਆ। ਪੁਲੀਸ ਅਧਿਕਾਰੀ ਧਰਨਾਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਰਹੇ, ਪਰ ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਪੁਲੀਸ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਧਰਨਾ ਲਗਾਤਾਰ ਜਾਰੀ ਰਹੇਗਾ।




