ਜਲੰਧਰ, 24 ਨਵੰਬਰ 2023 : ਪੰਜਾਬ ਦੇ ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਤੇ ਰੇਲਵੇ ਟਰੈਕ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਜਲੰਧਰ ‘ਚ ਰੇਲਵੇ ਟ੍ਰੈਕ ਤੋਂ ਧਰਨਾ ਹਟਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਰੇਲਵੇ ਟਰੈਕ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਰੇਲਵੇ ਟਰੈਕ ਪਿਛਲੇ 24 ਘੰਟਿਆਂ ਤੋਂ ਬੰਦ ਸੀ ਅਤੇ ਦਿੱਲੀ-ਜੰਮੂ ਹਾਈਵੇਅ ਪਿਛਲੇ ਤਿੰਨ ਦਿਨਾਂ ਤੋਂ ਬੰਦ ਕੀਤਾ ਗਿਆ ਹੈ।
ਦੱਸ ਦੇਈਏ ਕਿ ਕਿਸਾਨਾਂ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ। ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੇ ਨਾਲ ਨਾਲ ਕਿਸਾਨਾਂ ਵਲੋਂ ਰੇਲਵੇ ਟਰੈਕ ਵੀ ਜਾਮ ਕਰ ਦਿੱਤੇ ਗਏ ਸਨ। ਬੀਤੇ ਦਿਨੀਂ ਕਈ ਟਰੇਨਾਂ ਨੂੰ ਮੁਲਤਵੀ ਕੀਤਾ ਗਿਆ ਸੀ ਅਤੇ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸੂਬੇ ਭਰ ਦੇ ਅੰਦਰ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪੰਜਾਬ ਸਰਕਾਰ ਦੇ ਨਾਲ ਹੋਈ ਮੀਟਿੰਗ ‘ਚ ਕੋਈ ਸਿੱਟਾ ਨਾ ਨਿਕਲਣ ਕਾਰਨ ਕਿਸਾਨਾਂ ਵਲੋਂ ਦਿੱਲੀ-ਜੰਮੂ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕਾਂ ਨੂੰ ਜਾਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਜਿਨ੍ਹਾਂ ਚਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੇਗੀ ਉਹ ਇਸੇ ਤਰ੍ਹਾਂ ਪ੍ਰਦਰਸ਼ਨ ਜਾਰੀ ਰੱਖਣਗੇ।