ਚੰਡੀਗੜ੍ਹ/ਡੇਰਾ ਬੱਸੀ (ਐਸ.ਏ.ਐਸ ਨਗਰ), 5 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ ਟਰੈਕਟਰ ਚਲਾ ਕੇ ਛੁਡਵਾਈ।
ਜ਼ਮੀਨ ਖ਼ਾਲੀ ਕਰਾਉਣ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ‘ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸ ਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ।