ਅੱਜ 6 ਦਸੰਬਰ ਯਾਨੀ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਤੇ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ।
ਪੰਜ ਸਿੰਘ ਸਾਹਿਬਾਨ ਅਨੁਸਾਰ ਕੌਮ ਦੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਗਿਆ ਹੈ, ਜੋ ਤੁਰੰਤ ਹੀ ਆਪਣੀ ਕਾਰਵਾਈ ਆਰੰਭ ਕਰੇਗਾ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਸੀ ਦੀ ਸਜ਼ਾ ਨੂੰ 31 ਦਸੰਬਰ 2023 ਤੱਕ ਰੱਦ ਨਹੀਂ ਤਾਂ ਰਾਜੋਆਣਾ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੁੱਜੀਆਂ ਪੱਤ੍ਰਿਕਾਵਾਂ ਦੇ ਮੱਦੇਨਜ਼ਰ SGPC ਆਪਣੀ ਪਾਈ ਹੋਈ ਅਪੀਲ ‘ਤੇ ਵਿਚਾਰ ਕਰੇ।