ਦੋ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ
ਦਿ ਸਿਟੀ ਹੈੱਡ ਲਾਈਨਸ
ਚੰਡੀਗੜ੍ਹ, 7 ਫਰਵਰੀ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ‘ਤੇ ਸਥਿਤ ਪਿੰਡ ਸਫੀਪੁਰ ਨਜਦੀਕ ਟੀ-ਪੁਆਇੰਟ ਤੋਂ ਗ੍ਰਿਫਤਾਰ ਕੀਤਾ। ਪੁਲਿਸ ਟੀਮਾਂ ਨੇ ਫੜੇ ਗਏ ਦੋਸ਼ੀਆਂ ਪਾਸੋਂ ਦੋ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ ਅਤੇ ਇੱਕ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ’ਤੇ ਕਾਰਵਾਈ ਕਰਦੇ ਹੋਏ, ਏਜੀਟੀਐਫ ਪੰਜਾਬ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਅਤੇ ਡੀਐਸਪੀ ਏਜੀਟੀਐਫ ਬਾਰਡਰ ਰੇਂਜ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ‘ਤੇ ਸਥਿਤ ਪਿੰਡ ਸਫੀਪੁਰ ਨੇੜਲੇ ਟੀ-ਪੁਆਇੰਟ ਤੋਂ ਕਾਬੂ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ ਵਿੱਚ ਬੈਠੇ ਸਾਥੀਆਂ ਦੇ ਨਿਰਦੇਸ਼ਾਂ ’ਤੇ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਲਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।’
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਏ.ਆਈ.ਜੀ. ਸੰਦੀਪ ਗੋਇਲ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।