ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਿਹਗੜ੍ਹ ਚੂੜੀਆਂ ਵਿਖੇ ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਸਿਰਫ ਸਿਆਸੀ ਪਾਰਟੀ ਨਹੀਂ ਸਗੋਂ ਪੰਜਾਬੀਆਂ ਦੇ ਦਿਲ ਦੀ ਧੜਕਣ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਬੀਬੀਆਂ ਤੇ ਬਜੁਰਗ ਵੋਟ ਪਾਉਣ ਜਾਂਦੇ ਸੀ ਤਾਂ ਸਭ ਤੋਂ ਪਹਿਲਾਂ ਗੁਰੂ ਘਰ ਵਿਚ ਮੱਥਾ ਟੇਕ ਕੇ ਜਾਂਦੇ ਸਨ ਤੇ ਕਹਿੰਦੇ ਸਨ ਕਿ ਉਹ ਤਕੜੀ ਦੇ ਨਿਸ਼ਾਨ ਨੂੰ ਹੀ ਵੋਟ ਪਾਉਣਗੇ। ਉਨ੍ਹਾਂ ਦੀ ਸੋਚ ਹੁੰਦੀ ਸੀ ਕਿ ਤਕੜੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਨੂੰ ਵੋਟ ਨਹੀਂ ਪਾਉਣੀ।
ਉਨ੍ਹਾਂ ਕਿਹਾ ਕਿ ਜਿਥੇ ਵੀ ਲੋੜ ਪਈ ਸ਼੍ਰੋਮਣੀ ਅਕਾਲੀ ਦਲ ਨੇ ਅੱਗੇ ਹੋ ਕੇ ਮੋਰਚੇ ਲਾਏ ਤੇ ਪੰਜਾਬ ਦੇ ਹੱਕਾਂ ਲਈ ਲੜਾਈ ਲੜੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਲਗਭਗ 13.5 ਲੱਖ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਦੋਂ ਕਿ ਪੂਰੇ ਪੰਜਾਬ ਵਿਚ ਲਗਭਗ 15 ਲੱਖ ਟਿਊਬਵੈੱਲ ਕਨੈਕਸ਼ਨ ਹਨ। ਉਨ੍ਹਾਂ ਕਿਹਾ ਕਿ ਹੁਣ ਲਗਭਗ 10 ਸਾਲ ਬੀਤ ਜਾਣ ਮਗਰੋਂ ਵੀ ਇਕ ਵੀ ਨਵਾਂ ਟਿਊਬਵੈੱਲ ਕੁਨੈਕਸ਼ਨ ਨਹੀਂ ਲੱਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੋਚ ਹੈ ਕਿ ਪੰਜਾਬ ਉਦੋਂ ਹੀ ਤਰੱਕੀ ਕਰ ਸਕਦਾ ਹੈ ਜਦੋਂ ਇਥੇ ਭਾਈਚਾਰਕ ਸਾਂਝ ਤੇ ਅਮਨ ਸ਼ਾਂਤੀ ਹੋਵੇ।




