ਬੀਤੀ ਕੱਲ੍ਹ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਅਲਰਟ ਜਾਰੀ ਹੈ। ਪੰਜਾਬ ਦੇ ਨਾਲ ਲੱਗਦੇ ਜੰਮੂ ਬਾਰਡਰ ‘ਤੇ ਪਠਾਨਕੋਟ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਜਿਸ ਦੇ ਤਹਿਤ ਪੰਜਾਬ ਪੁਲਿਸ ਵੱਲੋਂ ਆਪਣੀ ਗਸ਼ਟ ਤੇਜ਼ ਕਰ ਦਿੱਤੀ ਗਈ ਹੈ ਅਤੇ ਆਉਣ ਜਾਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਪਠਾਨਕੋਟ ਨੇ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਪੰਜਾਬ ‘ਚ ਦਾਖ਼ਲ ਹੋਣ ਵਾਲੇ ਸਾਰੇ ਰਸਤਿਆਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਅਤੇ ਅਲੱਗ-ਅਲੱਗ ਥਾਵਾਂ ‘ਤੇ ਨਾਕੇ ਲਗਾਏ ਗਏ ਹਨ ਅਤੇ ਆਉਣ ਜਾਣ ਵਾਲੀਆਂ ਸਾਰੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਅਸੀਂ ਇਸ ਹਮਲੇ ਦੀ ਨਿੰਦਾ ਕਰਦੇ ਹਾਂ। ਨਾਲ ਹੀ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।