ਅਰੁਣਾਚਲ ਪ੍ਰਦੇਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਨੋਟਿਸ ਲਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦਿੱਤਾ ਗਿਆ ਹੈ।
8 ਅਪ੍ਰੈਲ 2023 ਨੂੰ ਸੋਸ਼ਲ ਮੀਡੀਆ ‘ਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਆਪਣੇ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਜਿਸ ਤੋਂ ਸਾਫ਼ ਦਿਖ ਰਿਹਾ ਸੀ ਕਿ ਇਸ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਨੂੰ ਬੋਧੀ ਅਸਥਾਨ ਵਜੋਂ ਤਬਦੀਲ ਕੀਤਾ ਜਾ ਚੁੱਕਾ ਹੈ। ਇਸ ‘ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੱਖ ਅਸਥਾਨ ਦੀ ਹੋਂਦ ਖ਼ਤਮ ਕਰਨਾ ਸੰਵਿਧਾਨ ਦੇ ਵਿਰੁੱਧ ਹੈ। ਉਨ੍ਹਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੋਨੋਂ ਹੀ ਇਸ ਮਾਮਲੇ ‘ਤੇ ਦਖ਼ਲ ਦੇਣ।