ਮੁਹਾਲੀ 27 ਜੂਨ : ਵਿਜੀਲੈਂਸ ਵੱਲੋਂ 540 ਕਰੋੜ ਦੀ ਆਮਦਨ ਤੋਂ ਵੱਧ ਰਾਸ਼ੀ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਇੱਕ ਹੋਰ ਪਰਚਾ ਦਰਜ ਕੀਤਾ ਜਾ ਸਕਦਾ ਹੈ। ਭਾਵੇਂ ਹਾਲੇ ਤੱਕ ਅਧਿਕਾਰਤ ਤੌਰ ਉੱਤੇ ਕਿਸੇ ਵੀ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਪਰ ਸੂਤਰਾਂ ਅਨੁਸਾਰ ਇਹ ਪਰਚਾ ਬਹੁਤ ਜਲਦੀ ਦਰਜ ਹੋ ਸਕਦਾ ਹੈ।
ਵੀਰਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਵਿਜੀਲੈਂਸ ਵੱਲੋਂ ਪੇਸ਼ ਹੋਏ ਵਕੀਲ ਫੈਰੀ ਸੋਫਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂਦੱਸਿਆ ਕਿ ਬਿਕਰਮ ਮਜੀਠੀਆ ਵੱਲੋਂ ਆਪਣੀ ਰਿਹਾਇਸ਼ ਵਿਖੇ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਉਨਾਂ ਇਹ ਵੀ ਆਖਿਆ ਸੀ ਕਿ ਇਹ ਸਾਰਾ ਮਾਮਲਾ ਮਾਨਯੋਗ ਅਦਾਲਤ ਵਿੱਚ ਵੀ ਰੱਖਿਆ ਗਿਆ ਹੈ ਕਿ ਰਸਤੇ ਵਿੱਚ ਆਉਂਦੇ ਹੋਏ ਵੀ ਉਨ੍ਹਾਂ ਵਿਜੀਲੈਂਸ ਟੀਮ ਨੂੰ ਧਮਕਾਇਆ ਕਿ ਡੇਢ ਸਾਲ ਬਾਅਦ ਉਨ੍ਹਾਂ ਨੂੰ ਦੇਖਿਆ ਜਾਵੇਗਾ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਬਿਕਰਮ ਮਜੀਠੀਆ ਵਿਰੁੱਧ ਇੱਕ ਹੋਰ ਐਫਆਈਆਰ ਦਰਜ ਕਰਨ ਦੀ ਤਿਆਰੀ ਹੈ ਅਤੇ ਇਸ ਦੇ ਤਹਿਤ ਮਜੀਠੀਆ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।
ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਬੀਤੀ ਕੱਲ੍ਹ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਮਜੀਠੀਆ ਨੂੰ 2 ਜੁਲਾਈ ਨੂੰ ਮੁੜ ਕੋਰਟ ‘ਚ ਪੇਸ਼ ਕੀਤਾ ਜਾਵੇਗਾ।