2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੁੰਦੀ ਦਿਖ ਰਹੀ ਹੈ। ਅੱਜ ਪੰਜਾਬ ਦੀ ਸਿਆਸਤ ‘ਚ ਵੱਡਾ ਸਿਆਸੀ ਧਮਾਕਾ ਹੋਇਆ ਹੈ। BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਰਵਿੰਦ ਖੰਨਾ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੰਦਿਆਂ ਅਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, “ਮੈਂ ਸੀਨੀਅਰ ਭਾਜਪਾ ਆਗੂ ਤੇ ਦੋ ਵਾਰ ਵਿਧਾਇਕ ਰਹੇ, ਮੇਰੇ ਦੋਸਤ ਅਰਵਿੰਦ ਖੰਨਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਨਿੱਘਾ ਸਵਾਗਤ ਕਰਦਾ ਹਾਂ ਅਤੇ ਉਨ੍ਹਾਂ ਨੂੰ ਸੰਗਰੂਰ ਵਿਧਾਨ ਸਭਾ ਦਾ ਹਲਕਾ ਇੰਚਾਰਜ ਨਿਯੁਕਤ ਕਰਦਿਆਂ ਖੁਸ਼ੀ ਮਹਿਸੂਸ ਕਰਦਾ ਹਾਂ। ਸ੍ਰੀ ਅਰਵਿੰਦ ਖੰਨਾ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਸੰਗਰੂਰ ਦੀ ਸੇਵਾ ਕਰ ਰਹੇ ਹਨ ਅਤੇ ਉਹ ਆਪਣੀ ਸੰਸਥਾ “ਉਮੀਦ ਫਾਊਂਡੇਸ਼ਨ” ਰਾਹੀਂ ਬਾਕਮਾਲ ਸਮਾਜ ਸੇਵਾ ਨਿਭਾ ਰਹੇ ਹਨ। ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਸੰਗਰੂਰ ਜ਼ਿਲ੍ਹੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ। ਮੈਂ ਉਨ੍ਹਾਂ ਨੂੰ ਕੌਮ ਦੀ ਇਸ ਸੇਵਾ ਵਿੱਚ ਡਟ ਕੇ ਲੱਗਣ ਲਈ ਸ਼ੁਭ ਕਾਮਨਾਵਾਂ ਦਿੰਦਾ ਹਾਂ। ਮੈਂ ਭਾਜਪਾ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ, ਸਾਬਕਾ ਨਗਰ ਕੌਂਸਲ ਪ੍ਰਧਾਨ ਹਰਬੰਸ ਸਿੰਘ ਗਰਚਾ, ਅਤੇ ਭਾਜਪਾ ਅਤੇ ਕਾਂਗਰਸ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਵੀ ਸਵਾਗਤ ਕਰਦਾ ਹਾਂ ਜੋ ਸ੍ਰੀ ਅਰਵਿੰਦ ਖੰਨਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਮੈਂ ਇਹ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।”




