ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਇਸਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ, ਕਿਉਂਕਿ ਪੰਜਾਬੀ ਇਹ ਕਦੇ ਨਹੀਂ ਭੁੱਲਣਗੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੂਬੇ ਦੇ ਅੰਨਦਾਤੇ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਭਾਜਪਾ ਦੇ ਹੱਥ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ।
ਪੰਜਾਬ ਵਿੱਚ ਭਾਜਪਾ ਦੇ ਰਿਕਾਰਡ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਾਜਪਾ ਕੁਝ ਸੂਬਿਆਂ ਵਿੱਚ ਆਪਣੀ ਚੋਣ ਕਾਰਗੁਜ਼ਾਰੀ ਤੋਂ ਖ਼ੁਸ਼ ਹੈ, ਪਰ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ, ਭਾਜਪਾ ਨੇ ਪੰਜਾਬ ਨਾਲ ਸਦਾ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜੋ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹਰ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਅਤੇ ਇਥੋਂ ਤੱਕ ਕਿ ਭਗਵਾ ਪਾਰਟੀ ਨੇ ਪੰਜਾਬ ਦੇ ਵਿਕਾਸ ‘ਚ ਵਿਘਨ ਪਾਉਣ ਲਈ ਸੂਬੇ ਦੀਆਂ ਗ੍ਰਾਂਟਾਂ ਦੇ ਜਾਇਜ਼ ਹਿੱਸੇ ਨੂੰ ਹਾਲੇ ਤੱਕ ਰੋਕ ਰੱਖਿਆ ਹੈ।
ਸੂਬੇ ਵਿੱਚ ਭਾਜਪਾ ਦੇ ਆਉਣ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ “ਹਵਾਈ ਕਿਲ੍ਹੇ ਉਸਾਰ ਰਹੀ ਭਾਜਪਾ ਲੀਡਰਸ਼ਿਪ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਇਹ ਕਦੇ ਵੀ ਪੰਜਾਬ ਵਿੱਚ ਸੱਤਾ ‘ਚ ਆ ਸਕੇਗੀ ਕਿਉਂਕਿ ਰਾਜ ਅਤੇ ਇਸ ਦੇ ਲੋਕਾਂ ਵਿਰੁੱਧ ਇਸ ਪਾਰਟੀ ਦੇ ਪਾਪ ਕਦੇ ਮੁਆਫ਼ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸ ਮੂੰਹ ਨਾਲ ਪੰਜਾਬ ਵਿੱਚ ਆਵੇਗੀ ਜਦੋਂ ਇਸਦੇ ਆਗੂ ਹਮੇਸ਼ਾ ਤੋਂ ਹੀ ਸੂਬੇ ਅਤੇ ਇਸਦੇ ਲੋਕਾਂ ਦੇ ਮੁੱਦੇ ਉਠਾਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਇਹਨਾਂ ਕੁਕਰਮਾਂ ਨੂੰ ਕਦੇ ਨਹੀਂ ਭੁੱਲਣਗੇ ਅਤੇ ਇਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ।




