ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਅੱਜ ਯਾਨੀ 17 ਸਤੰਬਰ ਨੂੰ ਕੇਂਦਰ ਸਰਕਾਰ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਤਹਿਤ ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਦੀ ਅਡਵਾਂਸ ਕਿਸ਼ਤ ਜਾਰੀ ਕੀਤੀ ਹੈ। ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ, ਕੇਂਦਰ ਨੇ ਇਹ ਰਕਮ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਨੂੰ ਵੀ 198 ਕਰੋੜ ਰੁਪਏ ਦੀ ਰਾਜ ਦੀ ਪੇਸ਼ਗੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਹ ਰਕਮ ਇਸ ਲਈ ਜਾਰੀ ਕੀਤੀ ਗਈ ਹੈ ਤਾਂ ਜੋ ਦੋਵਾਂ ਸੂਬਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਵਿੱਚ ਕੋਈ ਮੁਸ਼ਕਲ ਨਾ ਆਵੇ।
ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰੇ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1600 ਕਰੋੜ ਰੁਪਏ ਦੀ ਵਾਧੂ ਰਕਮ ਦਾ ਐਲਾਨ ਕੀਤਾ ਸੀ। ਕੇਂਦਰ ਨੇ ਭਾਰਤੀ ਰਿਜ਼ਰਵ ਬੈਂਕ (RBI) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਉਕਤ ਰਕਮ ਤੁਰੰਤ ਸਬੰਧਤ ਰਾਜ ਸਰਕਾਰਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਏ ਤਾਂ ਜੋ ਇਸ ਦੀ ਵਰਤੋਂ ਆਫ਼ਤ ਪ੍ਰਬੰਧਨ ਅਤੇ ਰਾਹਤ ਕਾਰਜਾਂ ਲਈ ਸਮੇਂ ਸਿਰ ਕੀਤੀ ਜਾ ਸਕੇ। ਇਹ ਰਕਮ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ‘ਤੇ ਜਾਰੀ ਕੀਤੀ ਗਈ ਹੈ। ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਫ਼ੰਡਾਂ ਦੀ ਵਰਤੋਂ SDRF, NDRF ਦੇ ਸੰਚਾਲਨ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇਗੀ, ਜੋ ਕਿ 15ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ‘ਤੇ ਤਿਆਰ ਕੀਤੇ ਗਏ ਹਨ।
ਦੱਸ ਦਈਏ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਖੇਤੀਯੋਗੀ ਜ਼ਮੀਨ ਵਿਚ ਸਿਲਟ ਮੁਕਤ ਕਰਨ ਲਈ ਰਾਸ਼ਟਰੀ ਖੇਤੀਬਾੜੀ ਵਿਕਾਸ ਯੋਜਨਾ ਤਹਿਤ 151 ਕਰੋੜ ਰੁਪਏ ਦਿੱਤੇ ਜਾਣ।