Sunday, December 22, 2024
spot_img

ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ

Must read

ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਨਿਤ ਸਰਟੀਫ਼ਿਕੇਟ ਐਸ.ਐਮ.ਐਸ. ਜ਼ਰੀਏ ਸਿੱਧੇ ਨਾਗਰਿਕਾਂ ਦੇ ਮੋਬਾਈਲ ਫੋਨਾਂ ‘ਤੇ ਦੇਣੇ ਸ਼ੁਰੂ ਕਰ ਦਿੱਤੇ ਹਨ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਲੈਣ ਲਈ ਹੁਣ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ। ਕਿਸੇ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਈਲ ਫੋਨ ਉਤੇ ਐਸ.ਐਮ.ਐਸ. ਰਾਹੀਂ ਲਿੰਕ ਭੇਜਿਆ ਜਾਂਦਾ ਹੈ, ਜਿਸ ਉਤੇ ਕਲਿੱਕ ਕਰਕੇ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਸਰਟੀਫਿਕੇਟ ਨੂੰ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫ਼ਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ‘ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ।

Citizens of Punjab will get certificates on mobile phones

ਇਸ ਕਦਮ ਨਾਲ ਕੇਵਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਪੈਸਾ ਵੀ ਬਚੇਗਾ ਕਿਉਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇ ਹਿਸਾਬ ਨਾਲ ਦੇਣੇ ਪੈਂਦੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 15 ਲੱਖ ਸਰਟੀਫਿਕੇਟ ਨਾਗਰਿਕਾਂ ਨੂੰ ਮੋਬਾਈਲ ਫੋਨਾਂ ਰਾਹੀਂ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫ਼ੋਨਾਂ ‘ਤੇ ਐਸ.ਐਮ.ਐਸ. ਜ਼ਰੀਏ 16 ਤਰ੍ਹਾਂ ਦੇ ਸਰਟੀਫਿਕੇਟ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਜਨਮ ਸਰਟੀਫ਼ਿਕੇਟ, ਮੌਤ ਸਰਟੀਫ਼ਿਕੇਟ, ਦਿਹਾਤੀ ਖੇਤਰ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਵਿਆਹ ਸਰਟੀਫ਼ਿਕੇਟ, ਆਮਦਨ ਅਤੇ ਸੰਪਤੀ ਸਰਟੀਫ਼ਿਕੇਟ, ਰਿਹਾਇਸ਼ ਸਰਟੀਫ਼ਿਕੇਟ, ਐਸ.ਸੀ./ ਬੀ.ਸੀ./ ਓ.ਬੀ.ਸੀ./ ਜਨਰਲ ਸਰਟੀਫ਼ਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਹੁਣ ਉਹ ਸਮਾਂ ਲੰਘ ਗਿਆ ਹੈ ਜਦੋਂ ਸਰਟੀਫ਼ਿਕੇਟ ਬਣਵਾਉਣ ਲਈ ਵੱਡੀਆਂ-ਵੱਡੀਆਂ ਫਾਈਲਾਂ ਸਰਕਾਰੀ ਦਫ਼ਤਰਾਂ ਵਿੱਚ ਇੱਕ ਟੇਬਲ ਤੋਂ ਦੂਜੇ ਟੇਬਲ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਦੀ ਕੋਈ ਟਰੈਕਿੰਗ, ਸਟੇਟਸ ਚੈਕਿੰਗ ਅਤੇ ਸਮਾਂ ਸੀਮਾ ਨਹੀਂ ਹੁੰਦੀ ਸੀ। ਈ-ਸੇਵਾ ਪੋਰਟਲ esewa.punjab.gov.in ਨੇ ਅਜਿਹੇ ਸਾਰੇ ਮਸਲਿਆਂ ਨੂੰ ਹੱਲ ਕਰ ਦਿੱਤਾ ਹੈ ਅਤੇ ਫਾਈਲ ਨੂੰ ਇੱਕ ਤੋਂ ਦੂਜੀ ਥਾਂ ਭੇਜੇ ਬਿਨਾਂ ਬਿਨੈਪੱਤਰਾਂ ਉਤੇ ਕਾਰਵਾਈ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਈ-ਸੇਵਾ ਦੇ ਲੰਬਿਤ ਕੇਸਾਂ ਦੀ ਗਿਣਤੀ 0.25 ਫ਼ੀਸਦ ਤੋਂ ਵੀ ਘੱਟ ਹੈ।

ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਵਿਭਾਗ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਈ-ਸੇਵਾ ਪੋਰਟਲ ਨੂੰ ਵਿਭਾਗ ਦੇ 40 ਸਾਫਟਵੇਅਰ ਇੰਜੀਨੀਅਰਾਂ ਅਤੇ ਹੋਰ ਤਕਨੀਕੀ ਮਾਹਿਰਾਂ ਦੀ ਟੀਮ ਵੱਲੋਂ ਤਿਆਰ ਕਰਕੇ ਇਸ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਪੋਰਟਲ ਦੀ ਵਰਤੋਂ ਕਰਕੇ ਹੁਣ ਤੱਕ 3 ਕਰੋੜ ਤੋਂ ਵੱਧ ਬਿਨੈਪੱਤਰਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ 6000 ਤੋਂ ਵੱਧ ਉਪਭੋਗਤਾ ਇਸ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਵਿੱਚ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲ ਦਫ਼ਤਰ, ਐਸ.ਐਮ.ਓ. ਦਫ਼ਤਰ, ਈ.ਓ.ਐਮ.ਸੀ. ਦਫ਼ਤਰ, ਡੀ.ਐਸ.ਐਸ.ਓ. ਦਫ਼ਤਰ, ਖੇਤੀਬਾੜੀ ਵਿਭਾਗ ਦੇ ਦਫ਼ਤਰ, ਪ੍ਰਾਈਵੇਟ ਹਸਪਤਾਲ ਅਤੇ ਸੇਵਾ ਕੇਂਦਰਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਲ ਹਨ। ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ‘ਤੇ ਈ-ਸੇਵਾ ਪੋਰਟਲ ਲਈ ਹੋਰ ਵਿਭਾਗਾਂ ਨੂੰ ਸਿਖਲਾਈ ਦੇਣ, ਨਿਗਰਾਨੀ ਕਰਨ ਅਤੇ ਸਹਾਇਤਾ ਕਰਨ ਲਈ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਜ਼ਿਲ੍ਹਾ ਆਈ.ਟੀ. ਮੈਨੇਜਰ, ਸਹਾਇਕ ਜ਼ਿਲ੍ਹਾ ਆਈ.ਟੀ. ਮੈਨੇਜਰ ਤਾਇਨਾਤ ਕੀਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article