ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਸੌਂਪਣ ਤੋਂ ਬਾਅਦ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਹਿਮ ਖੁਲਾਸੇ ਕੀਤੇ ਹਨ। ਜਥੇਦਾਰ ਅਨੁਸਾਰ ਮੁੱਖ ਮੰਤਰੀ ਨੇ ਕਈ ਮੁੱਦਿਆਂ ‘ਤੇ ਆਪਣੀ ਅਗਿਆਨਤਾ ਕਬੂਲ ਕੀਤੀ ਹੈ।
ਜਥੇਦਾਰ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਖੁਦ ਮੰਨਿਆ ਹੈ ਕਿ ਉਹਨਾਂ ਨੂੰ ਕੁਝ ਗੱਲਾਂ ਨਹੀਂ ਸੀ ਕਹਿਣੀਆਂ ਚਾਹੀਦੀਆਂ। ਉਹਨਾਂ ਨੇ ਆਪਣੇ ਬਿਆਨਾਂ ‘ਤੇ ਪਛਤਾਵਾ ਜ਼ਾਹਿਰ ਕਰਦਿਆਂ ਇਸ ਗੱਲ ਨੂੰ ਮਹਿਸੂਸ ਕੀਤਾ ਹੈ।
ਮੁੱਖ ਮੰਤਰੀ ਨੇ ਜਥੇਦਾਰ ਦੇ ਸਨਮੁੱਖ ਇਹ ਕਬੂਲ ਕੀਤਾ ਕਿ ਉਹਨਾਂ ਨੂੰ ਸਿੱਖ ਸਿਧਾਂਤਾਂ ਅਤੇ ਮਰਯਾਦਾ ਬਾਰੇ ਪੂਰੀ ਜਾਣਕਾਰੀ ਨਹੀਂ ਸੀ। ਇਸ ਦੇ ਮੱਦੇਨਜ਼ਰ, ਜਥੇਦਾਰ ਸਾਹਿਬ ਵੱਲੋਂ ਉਹਨਾਂ ਨੂੰ ਸ਼੍ਰੋਮਣੀ ਕਮੇਟੀ (SGPC) ਦੁਆਰਾ ਛਾਪਿਆ ਜਾਂਦਾ ਧਾਰਮਿਕ ਰਸਾਲਾ ਵੀ ਭੇਂਟ ਕੀਤਾ ਗਿਆ ਤਾਂ ਜੋ ਉਹ ਸਿੱਖ ਰਹਿਤ ਮਰਯਾਦਾ ਨੂੰ ਸਮਝ ਸਕਣ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵਿਵਾਦਿਤ ਵੀਡੀਓ ਬਾਰੇ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਮਿਲੀਆਂ ਸਨ। ਜਥੇਦਾਰ ਨੇ ਐਲਾਨ ਕੀਤਾ ਕਿ ਉਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ ਤਾਂ ਜੋ ਸੱਚਾਈ ਸਾਰਿਆਂ ਦੇ ਸਾਹਮਣੇ ਆ ਸਕੇ।
ਮੁਲਾਕਾਤ ਦੌਰਾਨ ਗੁਰੂ ਦੀ ਗੋਲਕ, ਰਹਿਤ ਮਰਯਾਦਾ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਕਈ ਗੰਭੀਰ ਮੁੱਦਿਆਂ ‘ਤੇ ਵਿਸਤਾਰ ਵਿੱਚ ਗੱਲਬਾਤ ਹੋਈ।
ਜਥੇਦਾਰ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਲਿਖਤੀ ਅਤੇ ਜ਼ੁਬਾਨੀ ਸਪੱਸ਼ਟੀਕਰਨ ਨੂੰ ਹੁਣ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ। ਇਸ ਮੀਟਿੰਗ ਵਿੱਚ ਹੀ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ ਕਿ ਮੁੱਖ ਮੰਤਰੀ ਵਿਰੁੱਧ ਕੀ ਕਾਰਵਾਈ ਕਰਨੀ ਹੈ ਜਾਂ ਉਹਨਾਂ ਨੂੰ ਕੋਈ ਧਾਰਮਿਕ ਸੇਵਾ (ਤਨਖ਼ਾਹ) ਲਗਾਉਣੀ ਹੈ।





