ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ । ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮਿਲੇਗਾ। 2 ਅਕਤੂਬਰ ਤੋਂ ਸਿਹਤ ਕਾਰਡ ਬਣਨੇ ਸ਼ੁਰੂ ਹੋ ਜਾਣਗੇ। ਇਸ ਲਈ ਸਿਰਫ ਆਧਾਰ ਕਾਰਡ ਜਾਂ ਵੋਟਰ ਕਾਰਡ ਲੈ ਕੇ ਜਾਣਾ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਵਿਚ ਵੱਡੇ-ਵੱਡੇ ਹਸਪਤਾਲ ਸ਼ਾਮਲ ਹਨ। ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਜੋ ਵੀ ਪੰਜਾਬ ਦਾ ਰਹਿਣ ਵਾਲਾ ਹੈ, ਉਸ ਦਾ ਇਲਾਜ ਹੋਵੇਗਾ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਇਸ ਯੋਜਨਾ ਦੇ ਲਾਗੂ ਹੋਣ ਦੇ ਬਾਅਦ ਕਿਸੇ ਵੀ ਵਿਅਕਤੀ ਨੂੰ ਸਿਹਤ ਸਬੰਧੀ ਸਮੱਸਿਆ ‘ਤੇ ਸਿਰਫ ਆਧਾਰ ਕਾਰਡ ਲੈ ਕੇ ਹਸਪਤਾਲ ਜਾਣਾ ਹੋਵੇਗਾ ਤੇ ਉਸੇ ਨਾਲ ਉਸ ਦਾ ਇਲਾਜ ਹੋ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ ਸਰਕਾਰ ਨੇ ਮੁਫਤ ਬਿਜਲੀ, ਸਿੱਖਿਆ ਤੇ ਇਲਾਜ ਦਾ ਇੰਤਜ਼ਾਮ ਕਰ ਦਿੱਤਾ ਹੈ। ਇਹ ਸਰਕਾਰ ਈਮਾਨਦਾਰ ਹੈ, ਜੋ ਇੰਨੀਆਂ ਸਹੂਲਤਾਂ ਦੇ ਰਹੀ ਹੈ। ਪਹਿਲਾਂ ਵਾਲੀਆਂ ਸਰਕਾਰਾਂ ਕਹਿੰਦੀਆਂ ਸਨ ਕਿ ਖਜ਼ਾਨਾ ਖਾਲੀ ਹੈ ਪਰ ਅਸੀਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਰਾਸ਼ਟਰ ਨਿਰਮਾਣ ਦਾ ਕੰਮ ਕਰ ਰਹੀ ਹੈ। ਸਾਡੀ ਸਰਕਾਰ ਨੂੰ ਬਣੇ ਹੋਏ 3 ਸਾਲ ਹੋ ਗਏ ਹਨ। 2017 ਵਿਚ ਕੇਂਦਰ ਸਰਕਾਰ ਦੇ ਸਿੱਖਿਆ ਦੇ ਸਰਵੇ ਵਿਚ ਪੰਜਾਬ 29ਵੇਂ ਨੰਬਰ ‘ਤੇ ਸੀ ਪਰ ਇਸ ਵਾਰ ਪੰਜਾਬ ਨੰਬਰ ਵਨ ‘ਤੇ ਹੈ। ਜੋ ਕੰਮ ਅਸੀਂ 3 ਸਾਲ ਵਿਚ ਕੀਤਾ ਹੈ ਉਹ ਕੰਮ ਪਿਛਲੀਆਂ ਸਰਕਾਰਾਂ ਵੀ ਕਰ ਸਕਦੀਆਂ ਸੀ ਪਰ ਉਨ੍ਹਾਂ ਨੇ ਨਹੀਂ ਕੀਤਾ।