Sunday, September 8, 2024
spot_img

ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ, ਹੁਣ ਤੱਕ 36,796 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

Must read

ਚੰਡੀਗੜ੍ਹ, 5 ਅਕਤੂਬਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ।

ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਉਮੀਦਵਾਰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਉਹ ਆਪਣੀ ਕਾਬਲੀਅਤ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਾਡੀ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਸੂਬਾ ਪਹਿਲਾਂ ਹੀ 70 ਸਾਲ ਪਿੱਛੇ ਚੱਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਸਰਕਾਰੀ ਨੌਕਰੀਆਂ ਲਈ ਚੁਣੀਆਂ ਜਾ ਰਹੀਆਂ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰੀਖਿਆ ਮਗਰੋਂ ਸਹਿਕਾਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਲਈ 181 ਲੜਕੇ ਤੇ 91 ਲੜਕੀਆਂ ਭਰਤੀ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੜਕੀਆਂ ਦੀ ਸਿੱਖਿਆ ਉਤੇ ਵੱਧ ਧਿਆਨ ਦੇ ਰਹੀ ਹੈ ਅਤੇ ਇਹ ਕੋਸ਼ਿਸ਼ਾਂ ਆਪਣੇ ਤੈਅ ਨਤੀਜੇ ਵੀ ਲਿਆ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਨੂੰ ਵੱਧ ਅਖ਼ਤਿਆਰ ਦੇਣ ਲਈ ਨੇੜ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਨਾਲ ਸਮਾਜ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ ਅਤੇ ਪੰਜਾਬ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵ-ਨਿਯੁਕਤ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਉਹ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਅਦਾ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਜਹਾਜ਼ ਨੂੰ ਉਡਣ ਲਈ ਰਨਵੇਅ ਇਕ ਸਹਾਇਕ ਦੀ ਭੂਮਿਕਾ ਨਿਭਾਉਂਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਪਛਾਣ ਬਣਾਉਣ ਲਈ ਕੋਸ਼ਿਸ਼ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਇਸ ਨਾਲ ਨੌਜਵਾਨ ਆਸਮਾਨ ਛੂਹ ਸਕਣ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਸਿਖਲਾਈ ਦੇਣ ਲਈ ਅੱਠ ਹਾਈ-ਟੈੱਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਤੇ ਸੂਬੇ ਤੇ ਦੇਸ਼ ਭਰ ਦੀਆਂ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਵੱਡੇ-ਵੱਡੇ ਅਹੁਦਿਆਂ ਉਤੇ ਬਿਠਾ ਕੇ ਦੇਸ਼ ਦੀ ਸੇਵਾ ਲਈ ਲਾਉਣਾ ਹੈ।

ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦਿਆਂ ਦੀ ਵਰਤੋਂ ਲੋਕਾਂ ਨੂੰ ਤੰਗ ਕਰਨ ਦੀ ਥਾਂ ਉਨ੍ਹਾਂ ਦੀ ਭਲਾਈ ਲਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਲੋਕ ਭਲਾਈ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਹਰ ਹੀਲੇ ਨੇਪਰੇ ਚਾੜ੍ਹਿਆ ਜਾਵੇਗਾ।

ਨਵੇਂ ਭਰਤੀ ਹੋਏ ਅਫ਼ਸਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਹ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਨੇਪਰੇ ਚੜ੍ਹਾਉਣਗੇ। ਉਨ੍ਹਾਂ ਕਿਹਾ ਕਿ ਇਹ ਦਿਨ ਖ਼ਾਸ ਹਨ ਕਿਉਂਕਿ ਪਹਿਲੀਆਂ ਸਰਕਾਰਾਂ ਦਾ ਬਿਨਾਂ ਰਿਸ਼ਵਤ ਦੇ ਸਿਫ਼ਾਰਸ਼ ਤੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਧਿਆਨ ਹੀ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਹ ਗੱਲ ਯਕੀਨੀ ਬਣਾਈ ਹੈ ਕਿ ਸਿਰਫ਼ ਯੋਗ ਤੇ ਹੋਣਹਾਰ ਨੌਜਵਾਨ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਜਾਣ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਪੰਜਾਬ ਨਿਵੇਸ਼ ਪੱਖੋਂ ਦੇਸ਼ ਭਰ ਵਿੱਚੋਂ ਤਰਜੀਹੀ ਸਥਾਨ ਵਜੋਂ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 2.89 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਏਗਾ, ਜਿਸ ਨਾਲ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਕਾਰਜਕਾਲ ਦਾ ਜ਼ਿੰਮਾ ਸੌਂਪਿਆ ਹੈ ਅਤੇ ਹੁਣ ਸਾਡੇ ਮੋਢਿਆਂ ਉਤੇ ਇਹ ਜ਼ਿੰਮੇਵਾਰੀ ਹੈ ਕਿ ਸਮਾਜ ਨੂੰ ਇਸ ਦਾ ਲਾਹਾ ਮਿਲੇ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਸਾਰੀਆਂ ਚੀਜ਼ਾਂ ਲੀਹ ਉਤੇ ਹਨ ਅਤੇ ਹੁਣ ਨੌਜਵਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਨੂੰ ਰੰਗਲਾ ਸੂਬਾ ਬਣਾਉਣ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article